ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮਾਰਚ-2023 ‘ਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ
ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜ਼ੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ।
ਸੰਮੇਲਨ ਨੂੰ ਸਫ਼ਲ ਬਣਾਉਣ ‘ਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ, ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ ਤਾਂ ਕਿ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਅਸੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜ਼ ਸਕੀਏ।
ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਥੇ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੱਖ ਮੰਤਰੀ ਨੇ ਕਿਹਾ ਕਿ ਮਾਰਚ ਮਹੀਨੇ ਹੋਣ ਵਾਲੇ ਇਸ ਸੰਮੇਲਨ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ‘ਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ, ਜਿਸ ਵਿਚ ਵਿਸ਼ਵ ਭਰ ਦੇ ਪ੍ਰਮੱਖ ਦੇਸ਼ ਸਿੱਖਿਆ ਅਤੇ ਕਿਰਤ ਬਾਰੇ ਵਿਚਾਰ-ਵਟਾਂਦਰਾ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ‘ਤੇ ਇੰਤਜ਼ਾਮ ਕੀਤੇ ਜਾਣਗੇ।
ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪ੍ਰਬੰਧਕੀ ਆਧਾਰ ‘ਤੇ ਪੰਜ਼ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ।ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ਵਿੱਚ ਤਾਇਨਾਤ ਕੀਤਾ ਜਾਵੇਗਾ।ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਸਮੁੱਚੇ ਕਾਰਜ਼ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ।ਮੁੱਖ ਮੰਤਰੀ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਲਏ ਅਤੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਮਿਆਰੀ ਹੋਵੇ, ਜੋ ਲੰਮੇ ਸਮੇਂ ਤੱਕ ਸ਼ਹਿਰ ਵਾਸੀਆਂ ਦੇ ਕੰਮ ਆਵੇ।
ਇਸ ਮੌਕੇ ਪ੍ਰੋਗਰਾਮ ਦੀ ਸਫਲਤਾ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਮੈਂਬਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ।
Punjab Post Daily Online Newspaper & Print Media