ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ) – ਕਿਸਾਨ ਮਜ਼ਦੂਰ ਜਥੇਬੰਦੀ ਨੇ ਕਿਸਾਨਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਚੱਲ ਰਹੇ ਪੱਕੇ ਮੋਰਚੇ ਦੀ ਪੂਰੀ ਹਮਾਇਤ ਕਰਦਿਆਂ 2 ਕਿਸਾਨਾਂ ਦੀ ਬਲੀ ਲੈਣ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਵਰਣ ਸਿੰਘ ਪੰਧੇਰ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਪਿਛਲੇ 14 ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਕਿਸਾਨਾਂ, ਮਜ਼ਦੂਰਾਂ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਪੂਰੀ ਹਮਾਇਤ ਕੀਤੀ ਹੈ।ਉਨਾਂ ਨੇ ਸ਼ਹੀਦ ਹੋਏ 2 ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਉਨ੍ਹਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਸਾਰੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ।ਕਿਸਾਨ ਆਗੂਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ 7 ਮਹੀਨਿਆਂ ਵਿਚ ਹੀ ਪੰਜਾਬ ਦੇ ਲੋਕਾਂ ਦੇ ਮਨੋਂ ਲਹਿ ਚੁੱਕੀ ਹੈ, ਕਿਉਂਕਿ ਉਹ ਚੋਣ ਵਾਅਦਿਆਂ ਤੋਂ ਮੁੱਕਰ ਰਹੀ ਹੈ।ਸਰਕਾਰ ਕਾਰਪੋਰੇਟ ਪੱਖੀ ਨੀਤੀ ਲਾਗੂ ਕਰਕੇ ਪੰਜਾਬ ਦੀ ਬਿਜਲੀ, ਪਾਣੀ, ਸੜਕਾਂ, ਸਿੱਖਿਆ, ਸਿਹਤ ਨਿੱਜੀ ਹੱਥਾਂ ਵਿੱਚ ਦੇ ਰਹੀ ਹੈ।ਮਾਫੀਏ, ਵਿਧਾਇਕਾਂ, ਮੰਤਰੀਆਂ ਤੇ ਅਫ਼ਸਰਸ਼ਾਹੀ ਦੇ ਬਣੇ ਨਾਪਾਕ ਗੱਠਜੋੜ ਵਲੋਂ ਪੰਜਾਬ ਦੇ ਆਰਥਿਕ ਸਾਧਨਾਂ ਦੀ ਲੁੱਟ ਬੜੀ ਬੇਰਹਿਮੀ ਨਾਲ ਕੀਤੀ ਜਾ ਰਹੀ ਹੈ ਤੇ ਭ੍ਰਿਸ਼ਟਾਚਾਰ ਨੇ ਸਭ ਹੱਦਾਂ ਪਾਰ ਕਰ ਦਿੱਤੀਆਂ ਹਨ।ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ੇ ਦੇ ਨੋਟਿਸ ਸਹਿਕਾਰੀ, ਕਮਰਸ਼ੀਅਲ ਤੇ ਲੈਂਡਮਾਰਗੇਜ ਬੈਂਕਾਂ ਵਲੋਂ ਧੜਾਧੜ ਆ ਰਹੇ ਹਨ।ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਕਿਸਾਨਾਂ, ਮਜ਼ਦੂਰਾਂ ਦੇ ਕਰਜ਼ਿਆਂ ‘ਤੇ ਲਕੀਰ ਫੇਰਨ ਦੀ ਮੰਗ ਕਰਦਿਆਂ ਐਲਾਨ ਕੀਤਾ ਕਿ ਕਰਜ਼ੇ ਉਗਰਾਹੁਣ ਆਏ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ ਤੇ ਨਾ ਹੀ ਕਿਸੇ ਵੀ ਕਿਸਾਨ ਮਜ਼ਦੂਰ ਦੀ ਕਰਜ਼ੇ ਕਾਰਨ ਗ੍ਰਿਫ਼ਤਾਰੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …