Sunday, August 2, 2026

ਦੀਵਾਲੀ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਦੀ ਕੀਤੀ ਸਫਾਈ

ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗੂ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਵਾਲੀ ਮੌਕੇ ਲੱਖਾਂ ਦੀ ਗਿਣਤੀ ‘ਚ ਨਤਮਸਤਕ ਹੋਣ ਵਾਲੀ ਸੰਗਤ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਕਤ ਹਲਕਾ ਵਿਧਾਇਕ ਡਾ. ਅਜੇ ਗੁਪਤਾ ਅਤੇ ਜਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਵਿਰਾਸਤੀ ਮਾਰਗ ਦੀ ਸਫਾਈ ਕੀਤੀ।ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਕੁਮਾਰ ਸੌਰਭ ਰਾਜ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਵਧੀਕ ਕਮਿਸ਼ਨਰ ਪਰਮਿੰਦਰ ਸਿੰਘ ਭੰਡਾਲ ਅਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।ਉਨ੍ਹਾਂ ਆਪ ਰਸਤੇ ਵਿੱਚ ਖਿਲਰੇ ਕੂੜੇ ਨੂੰ ਚੁੱਕਿਆ ਅਤੇ ਲੋਕਾਂ ਨੂੰ ਸ਼ਹਿਰ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ।
ਫੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਰੱਖਣੀ ਕੇਵਲ ਨਗਰ ਨਿਗਮ ਦੇ ਕਰਮਚਾਰੀਆਂ ਦਾ ਹੀ ਨਹੀਂ, ਬਲਕਿ ਸਾਡਾ ਸਾਰਿਆਂ ਦਾ ਫਰਜ਼ ਹੈ।ਜੇਕਰ ਆਪਾਂ ਸਾਰੇ ਆਪਣੇ ਕੂੜੇ ਨੂੰ ਡਸਟਬਿਨ ਵਿੱਚ ਸੁੱਟੀਏ ਤਾਂ ਇਹ ਕੰਮ ਅਸਾਨ ਹੋਵੇਗਾ ਅਤੇ ਸ਼ਹਿਰ ਵੀ ਸਾਫ ਰਹੇਗਾ।ਉਨ੍ਹਾਂ ਕਿਹਾ ਕਿ ਇਸ ਮਾਰਗ ‘ਚ ਕੋਈ ਰੇਹੜੀ ਫੜੀ ਨਹੀਂ ਲੱਗਣ ਦਿੱਤੀ ਜਾਵੇਗੀ।ਜੀ-20 ਸੰਮੇਲਨ ਦਾ ਹਵਾਲਾ ਦਿੰਦੇ ਞਧਾਲੀਵਾਲ ਨੇ ਕਿਹਾ ਕਿ ਇਸ ਸੰਮੇਲਨ ਲਈ ਅਸੀਂ ਸਫਾਈ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੇ ਕੰਮ ਕਰਨੇ ਹਨ, ਪਰ ਇਨ੍ਹਾਂ ਦਾ ਸਹੀ ਲਾਭ ਤਾਂ ਹੀ ਮਿਲ ਸਕਦਾ ਹੈ ਜੇਕਰ ਸ਼ਹਿਰ ਵਾਸੀ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟਰੈਫਿਕ ਦੇ ਪ੍ਰਬੰਧ ਵੀ ਸੁਚਾਰੂ ਢੰਗ ਨਾਲ ਕਰਨ ਲਈ ਯੋਜਨਾਬੰਦੀ ਕੀਤੀ ਜਾ ਰਹੀ ਹੈ ਅਤੇ ਜਿਉਂ ਹੀ ਪਾਰਕਿੰਗ ਸਥਾਨ ਬਣ ਗਏ, ਗਲਤ ਢੰਗ ਨਾਲ ਸੜਕ ਕਿਨਾਰੇ ਵਾਹਨ ਲੱਗਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …