ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਸਿੱਖ ਕੌਮ ਦੇ ਨਾਮ ਸੰਦੇਸ਼
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ।
ਹਰ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਬੰਦੀ ਛੋੜ ਦਿਹਾੜੇ ਦੀ ਵਧਾਈ ਦਿੱਤੀ, ਉਥੇ ਹੀ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਇਕਜੁੱਟ ਹੋ ਕੇ ਮੁਕਾਬਲਾ ਕਰਨ ਦਾ ਸੁਨੇਹਾ ਦਿੱਤਾ।ਉਨ੍ਹਾਂ ਕਿਹਾ ਕਿ ਪਤਿਤਪੁਣਾ, ਨਸ਼ੇ, ਭਾਰਤ ਅੰਦਰ ਘੱਟ ਰਹੀਂ ਸਿੱਖ ਅਬਾਦੀ ਅਤੇ ਸਿੱਖ ਨੌਜਵਾਨਾਂ ਦੇ ਪ੍ਰਵਾਸ ਦਾ ਰੁਝਾਨ ਭਵਿੱਖ ਲਈ ਸੰਕਟ ਦਾ ਸੰਕੇਤ ਹੈ, ਜਿਸ ਤੋਂ ਸੰਭਲਣ ਲਈ ਕੌਮ ਨੂੰ ਸੁਚੇਤ ਹੋਣਾ ਪਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਅਖੌਤੀ ਨਕਲੀ ਪਾਸਟਰਾਂ ਵੱਲੋਂ ਇਸਾਈਅਤ ਦੀ ਆੜ ਵਿਚ ਪਾਖੰਡਵਾਦ ਫੈਲਾ ਕੇ ਭੋਲੇ ਭਾਲੇ ਸਿੱਖਾਂ ਦਾ ਸਰੀਰਕ, ਆਰਥਿਕ ਅਤੇ ਮਾਨਸਿਕ ਸੋਸ਼ਨ ਕਰਕੇ ਧਰਮ ਪ੍ਰਵਰਤਨ ਕਰਵਾਇਆ ਜਾ ਰਿਹਾ ਹੈ ਅਤੇ ਇਸ ਮਸਲੇ ’ਤੇ ਸਰਕਾਰਾਂ ਦੀ ਖਾਮੋਸ਼ੀ ਚਿੰਤਾ ਦਾ ਵਿਸ਼ਾ ਹੈ।ਇਸ ਦੇ ਨਾਲ ਹੀ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਲ ਕੇ ਹਮਲਾ ਮਾਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਆਖਿਆ ਕਿ ਖਾਸ ਤੌਰ ’ਤੇ ਪਰਵਾਸੀ ਸਿੱਖ ਭਾਰਤ ਸਰਕਾਰ ਦੇ ਬੰਦ ਕੰਨ ਖੋਲਣ ਲਈ ਰੋਸ ਪ੍ਰਦਰਸ਼ਨਾਂ ਤੋਂ ਇਲਾਵਾ ਆਪਣੀਆਂ ਸਰਕਾਰਾਂ ਰਾਹੀਂ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਯਤਨ ਕਰਨ।ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਸਰਕਾਰੀ ਕੋਸ਼ਿਸ਼ ਵਿਰੁੱਧ ਸਭ ਪੰਥਕ ਧਿਰਾਂ ਨੂੰ ਇਕੱਠੇ ਹੋ ਕੇ ਸਿੱਖ ਸੰਸਥਾਵਾਂ ਅਤੇ ਪੰਥਕ ਮਜ਼ਬੂਤੀ ਲਈ ਯਤਨਸ਼ੀਲ ਹੋਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਧਾਰਮਿਕ, ਵਿਦਿਅਕ ਤੇ ਮਾਨਵ ਭਲਾਈ ਦੇ ਕਾਰਜ਼ ਸਮਾਜ ਨੂੰ ਸ਼ਕਤੀਵਰ ਬਣਾਉਣ ਵਾਲੇ ਹਨ ਅਤੇ ਇਨ੍ਹਾਂ ਨੂੰ ਹੋਰ ਨਿੱਗਰ ਬਣਾਉਣ ਲਈ ਉਪਰਾਲੇ ਜ਼ਰੂਰੀ ਹਨ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਪੰਥਕ ਏਕਤਾ ਦੇ ਪੱਖ ਤੋਂ ਕੇਵਲ ਰਾਜਸੀ ਏਕਤਾ ਹੀ ਮਹੱਤਵਪੂਰਨ ਨਹੀਂ ਹੈ, ਸਗੋਂ ਪੰਥ ਦੀਆਂ ਸਭ ਧਿਰਾਂ ਨੂੰ ਇਕ ਨਿਊਨਤਮ ਪ੍ਰੋਗਰਾਮ ਮਿਥ ਕੇ ਸਿੱਖ ਕੌਮ ਨੂੰ ਅੱਗੇ ਲਿਜਾਣ ਲਈ ਉਸਾਰੂ ਕੰੰਮ ਅਰੰਭਣੇ ਚਾਹੀਦੇ ਹਨ।ਉਨ੍ਹਾਂ ਸੋਸ਼ਲ ਮੀਡੀਆ ਦੀ ਨਜ਼ਾਇਜ਼ਜ ਵਰਤੋਂ ’ਤੇ ਸਵਾਲ ਉਠਾਉਂਦਿਆਂ ਆਖਿਆ ਕਿ ਇਸ ਰਾਹੀਂ ਇਕ ਦੂਜੇ ’ਤੇ ਦੂਸ਼ਣਬਾਜ਼ੀ ਨਾ ਕੀਤੀ ਜਾਵੇ, ਤਾਂ ਹੀ ਭਲੇ ਦਾ ਕੰੰਮ ਸੰਭਵ ਹੋ ਸਕਦਾ ਹੈ।ਉਨ੍ਹਾਂ ਨਸ਼ਿਆਂ ’ਤੇ ਮਾਰੂ ਹਮਲਿਆਂ ਨੂੰ ਰੋਕਣ ਵਿਚ ਸਰਕਾਰਾਂ ਦੀ ਅਸਫਲਤਾ ਦੀ ਗੱਲ ਕਰਦਿਆਂ ਕਿਹਾ ਕਿ ਇਸ ਦੀ ਵਰਤੋਂ ਅਤੇ ਵਪਾਰ ਦੇ ਸੰਗਠਤ ਢਾਂਚੇ ਨੂੰ ਢਾਹੁਣ ਵਿਚ ਦਿਸ ਰਹੀਂ ਅਸਫਲਤਾ ਦੇ ਹੱਲ ਲਈ ਪਿੰਡ-ਪਿੰਡ ਕਮੇਟੀਆਂ ਤੇ ਜਥੇ ਬਣਾਉਣ ਦੀ ਲੋੜ ਹੈ।ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਦਾ ਸਭ ਸਾਧਨ ਤੇ ਸ਼ਕਤੀ ਵਰਤ ਕੇ ਵੀ ਨਸ਼ਿਆਂ ਦਾ ਵਪਾਰ ਅਤੇ ਵਰਤੋਂ ਰੋਕਣ ਵਿਚ ਸਫਲ ਨਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਤ-ਪਾਤ ਦੇ ਕੋਹੜ ਨੂੰ ਖਤਮ ਕਰਨ, ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸਮਾਜਿਕ ਕੁਰੀਤੀਆਂ ਖਿਲਾਫ ਹਰ ਇਕ ਨੂੰ ਆਪੋ-ਆਪਣੀ ਜਿੰਮੇਵਾਰੀ ਨਿਭਾਉਣ ਲਈ ਵੀ ਕਿਹਾ।ਸਿੱਖ ਬੱਚਿਆਂ ਵਿਚ ਪੜ੍ਹਨ ਦੀ ਘੱਟ ਦੀ ਰੁਚੀ ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਆਖਿਆ ਕਿ ਪੰਥਕ ਸੰਸਥਾਵਾਂ ਬੱਚਿਆਂ ਨੂੰ ਉਤਸ਼ਾਹਤ ਕਰਨ ਤਾਂ ਜੋ ਉਹ ਉੱਚ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿਚ ਸਫਲ ਹੋ ਕੇ ਦੇਸ਼-ਵਿਦੇਸ਼ ਅੰਦਰ ਪ੍ਰਸ਼ਾਸਨਿਕ, ਫੌਜ, ਸੁਰੱਖਿਆ ਸੈਨਾਵਾਂ ਅਤੇ ਹੋਰ ਉੱਚ ਨੋਕਰੀਆਂ ਵਿਚ ਸ਼ਾਮਲ ਹੋ ਕੇ ਕੌਮ ਦਾ ਮਾਨ ਬਣਨ।ਉਨ੍ਹਾਂ ਲੋੜਵੰਦ ਬੱਚੇ ਬੱਚੀਆਂ ਨੂੰ ਵਿਦਿਆ ਲਈ ਪੰਥਕ ਜੁੰਮੇਵਾਰੀ ਨਿਭਾਉਣ ਲਈ ਵੀ ਕਿਹਾ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁੱਖੀਆਂ ਅਤੇ ਨੁਮਾਇੰਦਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਪੰਥਕ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਮੁੱਖ ਬੁਲਾਰੇ ਗਿਆਨੀ ਸੁਖਦੇਵ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵੱਲੋਂ ਬਾਬਾ ਨਾਗਰ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਨੌਰੰਗ ਸਿੰਘ, ਲੱਖਾ ਸਿੰਘ, ਬਾਬਾ ਜੱਸਾ ਸਿੰਘ, ਭਾਈ ਅਮਰਜੀਤ ਸਿੰਘ ਮਸਕੀਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਢਾਡੀ ਗਿਆਨੀ ਤਰਸੇਮ ਸਿੰਘ ਮੋਰਾਵਾਲੀ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।