Monday, December 23, 2024

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਾਮਲਿਆਂ ਸਬੰਧੀ ਪਿੰਡ ਪੱਧਰ ਤੱਕ ਸਿਰਜ਼ੀ ਜਾਵੇਗੀ ਲਹਿਰ – ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖ ਇਤਿਹਾਸ ਦੇ ਸਾਕੇ ਅਤੇ ਮੋਰਚੇ ਸਿੱਖੀ ਪ੍ਰਤੀ ਦ੍ਰਿੜ੍ਹਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਇਨ੍ਹਾਂ ਵਿਚ ਸ੍ਰੀ ਪੰਜਾ ਸਾਹਿਬ ਦਾ ਸਾਕਾ ਅਤਿ ਅਹਿਮ ਹੈ।ਉਨ੍ਹਾਂ ਕਿਹਾ ਕਿ ਪੁਰਾਤਨ ਸਿੱਖਾਂ ਨੇ ਇਨ੍ਹਾਂ ਸਾਕਿਆਂ ਦੌਰਾਨ ਗੁਰਬਾਣੀ ਦੀ ਸ਼ਕਤੀ ਨਾਲ ਜੁਲਮ ਦਾ ਟਾਕਰਾ ਕੀਤਾ ਅਤੇ ਨਵੀਂ ਪੀੜ੍ਹੀ ਲਈ ਪੂਰਨੇ ਪਾਏ।ਮੌਜ਼ੂਦਾ ਸਮੇਂ ਸੁੱਖ ਸੁਵਿਧਾਵਾਂ ਦੀ ਦੌੜ ਵਿਚ ਅਸੀਂ ਗੁਰਬਾਣੀ ਅਤੇ ਇਤਿਹਾਸ ਦੂਰ ਜਾ ਰਹੇ ਹਾਂ।ਉਨ੍ਹਾਂ ਮੌਜ਼ੂਦਾ ਸਮੇਂ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਸਰਕਾਰਾਂ ਸਿੱਖਾਂ ਨੂੰ ਨਿਆਂ ਨਹੀਂ ਦੇ ਰਹੀਆਂ। ਬੰਦੀ ਸਿੰਘਾਂ ਅਤੇ ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ ਜਾਣਬੁੱਝ ਕੇ ਉਲਝਾਏ ਜਾ ਰਹੇ ਹਨ।ਇਨ੍ਹਾਂ ਮਾਮਲਿਆਂ ਸਬੰਧੀ ਜਲਦੀ ਹੀ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਪੱਧਰ ਤਕ ਲਹਿਰ ਸਿਰਜੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪ੍ਰੰਪਰਾਵਾਂ ਦੀ ਰੋਸ਼ਨੀ ਵਿਚ ਪੰਥਕ ਕਾਰਜ਼ਾਂ ਲਈ ਨਿਰੰਤਰ ਕਾਰਜਸ਼ੀਲ ਹੈ।
ਸ਼ਤਾਬਦੀ ਸਮਾਗਮ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਪੰਥ ਅਕਾਲੀ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ ਤੇ ਸੀਨੀਅਰ ਅਕਾਲੀ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ।ਉਨ੍ਹਾਂ ਆਖਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਇਤਿਹਾਸ ਸਿੱਖ ਪੰਥ ਲਈ ਦ੍ਰਿੜ ਹੋ ਕੇ ਸੇਵਾਵਾਂ ਦੇਣ ਦਾ ਅਹਿਦ ਹੈ, ਜਿਸ ਦੀ ਸੇਧ ਵਿਚ ਸਮੁੱਚੀ ਸਿੱਖ ਕੌਮ ਨੂੰ ਏਕੇ ਨਾਲ ਪੰਥ ਦੀ ਚੜ੍ਹਦੀ ਕਲਾ ਵਾਸਤੇ ਵਚਨਬੱਧ ਹੋਣਾ ਚਾਹੀਦਾ ਹੈ।ਸਮਾਗਮ ਸਮੇਂ ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਨਿਭਾਈ। ਇਸ ਮੌਕੇ ਸਾਰੇ ਬੁਲਾਰਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਜ ਮਨਾਏ ਜਾ ਰਹੇ ਗੁਰਤਾਗੱਦੀ ਦਿਵਸ ਦੀ ਸੰਗਤ ਨੂੰ ਵਧਾਈ ਵੀ ਦਿੱਤੀ। ਇਸੇ ਦੌਰਾਨ ਸਿੱਖ ਇਤਿਹਾਸ ਰਿਸਰਚ ਬੋਰਡ ਵੱਲੋਂ ਤਿਆਰ ਕੀਤੀ ਗਈ ਸ੍ਰੀ ਪੰਜਾ ਸਾਹਿਬ ਸਾਕੇ ਦੇ ਇਤਿਹਾਸ ਬਾਰੇ ਪੁਸਤਕ ਜਾਰੀ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …