Friday, October 18, 2024

ਗੁ. ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਹੋਏ ਸਾਕੇ ਦਾ 100 ਸਾਲਾ ਸ਼ਤਾਬਦੀ ਸਮਾਗਮ ਆਯੋਜਿਤ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ) – 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦਾ ਮੁੱਖ ਸਮਾਗਮ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਕਰਤ ਕੀਤੀ।ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤੇ ਗਏ ਇਸ ਸ਼ਤਾਬਦੀ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦ ਕੌਮੀ ਅਕੀਦਿਆਂ ਨੂੰ ਪ੍ਰਣਾਏ ਹੋਏ ਸਨ, ਜਿਨ੍ਹਾਂ ਨੇ ਸਿੱਖ ਸੰਸਥਾਵਾਂ ਦੀ ਮਜਬੂਤੀ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਦੇਸ਼ ਵੰਡ ਮਗਰੋਂ ਸ੍ਰੀ ਪੰਜਾ ਸਾਹਿਬ ਸਮੇਤ ਬਹੁਤ ਸਾਰੇ ਗੁਰਧਾਮ ਪਾਕਿਸਤਾਨ ਵਿਚ ਰਹਿ ਗਏ, ਜਿਨ੍ਹਾਂ ਪ੍ਰਤੀ ਸਿੱਖ ਕੌਮ ਅੰਦਰ ਗਹਿਰਾ ਸਤਿਕਾਰ ਅਤੇ ਸ਼ਰਧਾ ਹੈ।ਇਨ੍ਹਾਂ ਵਿੱਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਖੁੱਲ੍ਹ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਮੌਕੇ ’ਤੇ ਵੀਜ਼ੇ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੇ ਗੁਰਧਾਮਾਂ ’ਤੇ ਆ ਕੇ ਨਤਮਸਤਕ ਹੋ ਸਕਣ।ਉਨ੍ਹਾਂ ਕਿਹਾ ਕਿ ਸਿੱਖ ਦੋਹਾਂ ਦੇਸ਼ਾਂ ਦੇ ਸੁਖਾਵੇਂ ਸਬੰਧ ਲੋਚਦੇ ਹਨ, ਕਿਉਂਕਿ ਜਦੋਂ ਵੀ ਦੇਸ਼ਾਂ ਦੇ ਸਬੰਧਾਂ ’ਚ ਕੁੜੱਤਣ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਸਿੱਖ ਜਥਿਆਂ ਦੇ ਆਉਣ-ਜਾਣ ’ਤੇ ਪ੍ਰਭਾਵ ਪੈਂਦਾ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਥਿਆਂ ਰਾਹੀਂ ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਲਈ ਚੱਲਦੀ ਰੇਲ ਸੇਵਾ ਦਾ ਵੀ ਬੀਤੇ ਸਮੇਂ ਤੋਂ ਬੰਦ ਹੋਣਾ ਠੀਕ ਨਹੀਂ ਹੈ।ਕਿਉਂਕਿ ਕਾਫਿਈਤੀ ਰੇਲ ਸੇਵਾ ਦੇ ਬੰਦ ਹੋਣ ਨਾਲ ਆਮ ਸ਼ਰਧਾਲੂਆਂ ’ਤੇ ਆਰਥਿਕ ਬੋਝ ਬਣਿਆ ਹੋਇਆ ਹੈ।ਉਨ੍ਹਾਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਕਿਹਾ ਕਿ ਇਸ ਪਾਸੇ ਧਿਆਨ ਦਿੱਤਾ ਜਾਵੇ ਅਤੇ ਅਰਸੇ ਤੋਂ ਚਲਦੀ ਰੇਲ ਸੇਵਾ ਮੁੜ ਬਹਾਲ ਕੀਤੀ ਜਾਵੇ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਸੰਬੋਧਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰਾਂ ਅਤੇ ਸੰਗਤ ਨੂੰ ਖਾਸ ਧਿਆਨ ਦੇਣ ਲਈ ਵੀ ਆਖਿਆ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਸ਼ਤਾਬਦੀ ਮੌਕੇ ਸਿੱਖ ਸੰਗਤਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਹ ਸੰਘਰਸ਼ਮਈ ਇਤਿਹਾਸ ਅਮੁੱਲਾ ਹੈ, ਜਿਸ ਨੂੰ ਸੰਗਤਾਂ ਯੁੱਗਾਂ ਤੱਕ ਯਾਦ ਰੱਖਣਗੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਅਤੇ ਇਤਿਹਾਸ ਕੌਮ ਲਈ ਪ੍ਰੇਰਣਾ ਸਰੋਤ ਹੁੰਦਾ ਹੈ।ਸਾਕਾ ਸ੍ਰੀ ਪੰਜਾ ਸਾਹਿਬ ਸਿੱਖੀ ਜਜਬੇ ਦੀ ਅਹਿਮ ਮਿਸਾਲ ਹੈ, ਜਿਸ ਨੇ ਆਪਣਾ ਪ੍ਰਭਾਵ ਹਮੇਸ਼ਾ ਬਣਾਈ ਰੱਖਣਾ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਕਰਮ ਸਿੰਘ ਤੇ ਸ਼ਹੀਦ ਭਾਈ ਪ੍ਰਤਾਪ ਸਿੰਘ ਸਮੇਤ ਸਿੱਖ ਸ਼ਹੀਦਾਂ ਦੀਆਂ 100 ਸਾਲ ਪਹਿਲਾਂ ਪਾਈਆਂ ਪੈੜਾਂ ਕੌਮ ਦੀ ਤਰਜ਼ਮਾਨੀ ਕਰਦੀਆਂ ਰਹਿਣਗੀਆਂ।ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪਾਕਿਸਤਾਨ ’ਚ ਰਹਿ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦਿਦਾਰਿਆਂ ਲਈ ਸਰਕਾਰਾਂ ਨੂੰ ਫਰਾਖਦਿਲੀ ਵਖਾਉਣੀ ਚਾਹੀਦੀ ਹੈ।ਉਨ੍ਹਾਂ ਹਾਜ਼ਰ ਓਕਾਫ ਬੋਰਡ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਰਧਾਲੂਆਂ ਨੂੰ ਵੀਜ਼ਿਆਂ ਸਮੇਂ ਆਉਂਦੀ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦੇਣ, ਕਿਉਂਕਿ ਹਾਲ ਹੀ ਵਿਚ ਸ਼ਤਾਬਦੀ ਮਨਾਉਣ ਸਮੇਂ ਸ਼੍ਰੋਮਣੀ ਕਮੇਟੀ ਦੇ ਕਈ ਅਹਿਮ ਵਿਅਕਤੀਆਂ ਦੇ ਵੀਜ਼ੇ ਕੱਟ ਦਿੱਤੇ ਗਏ, ਜਿਸ ਨਾਲ ਵੱਡੀ ਪ੍ਰੇਸ਼ਾਨੀ ਹੋਈ ਹੈ।ਉਨ੍ਹਾਂ ਮੰਗ ਕੀਤੀ ਕਿ ਸ਼ਰਧਾਲੂਆਂ ਅਤੇ ਖਾਸਕਰ ਪ੍ਰਚਾਰਕ ਸ਼੍ਰੇਣੀ ਨੂੰ ਲੰਮੇ ਸਮੇਂ ਦੇ ਵੀਜ਼ਿਆਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਪਾਕਿਸਤਾਨ ’ਚ ਸਥਿਤ ਗੁਰਧਾਮਾਂ ਅੰਦਰ ਰਾਗੀ ਜਥੇ ਆਦਿ ਸਮੇਂ-ਸਮੇਂ ਹਾਜ਼ਰੀਆਂ ਭਰਦੇ ਰਹਿਣ।ਐਡਵੋਕੇਟ ਧਾਮੀ ਨੇ ਕਰਤਾਰਪੁਰ ਸਾਹਿਬ ਲੰਘੇ ਰਾਹੀਂ ਆਉਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਅਤੇ ਓਕਾਫ ਬੋਰਡ ਦੇ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਭੇਟ ਕੀਤੀ ਅਤੇ ਆਈਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਜੀ-ਆਇਆਂ ਕਿਹਾ।ਰਾਣਾ ਸ਼ਾਹਿਦ ਸਲੀਮ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੇ ਦੋਵੇਂ ਸ਼ਹੀਦ ਅਹਿਮ ਹਨ ਅਤੇ ਇਸ ਸਾਕੇ ਦਾ ਦਿਨ ਮਨਾਉਣ ਦੇ ਨਾਲ-ਨਾਲ ਇਤਿਹਾਸ ’ਤੇ ਅਮਲ ਵੀ ਕਰਨਾ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਦੋਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਬੇਹੱਦ ਆਦਰਯੋਗ ਹਨ।ਰਾਣਾ ਸ਼ਾਹਿਦ ਸਲੀਮ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਘੱਟਗਿਣਤੀਆਂ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਦੇ ਮਾਮਲਿਆਂ ਨੂੰ ਵਿਸ਼ੇਸ਼ ਤਵੱਜੋ ਵੀ ਦਿੰਦੀ ਹੈ।ਉਨ੍ਹਾਂ ਆਖਿਆ ਕਿ ਮੁਲਕ ਅੰਦਰ ਹਰ ਧਰਮ ਦੇ ਲੋਕ ਬਰਾਬਰ ਹਨ ਅਤੇ ਸਭ ਦੇ ਧਾਰਮਿਕ ਅਕੀਦੇ ਅਤੇ ਅਸਥਾਨ ਸਤਿਕਾਰਯੋਗ ਹਨ।ਹਰ ਧਰਮ ਪ੍ਰਤੀ ਮੁਲਕ ਸੰਵੇਦਨਸ਼ੀਲ ਹੈ।ਪਾਕਿਸਤਾਨ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਜਿਥੇ ਸਾਕੇ ਦਾ ਇਤਿਹਾਸ ਸਾਂਝਾ ਕੀਤਾ, ਉਥੇ ਹੀ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ।ਦਿੱਲੀ ਦੇ ਪ੍ਰਮੁੱਖ ਸਿੱਖ ਆਗੂ ਪਰਮਜੀਤ ਸਿੰਘ ਸਰਨਾ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ।ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸੇ ਦੌਰਾਨ ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਅਤੇ ਓਕਾਫ ਬੋਰਡ ਦੇ ਅਧਿਕਾਰੀਆਂ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਢੁੱਕਵੀਂ ਯਾਦਗਾਰ ਬਣਾਉਣ ਦਾ ਭਰੋਸਾ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਇਸ ਯਾਦਗਾਰ ਦੀ ਵਿਉਂਤਬੰਦੀ ਸਿੱਖ ਇਤਿਹਾਸ ਅਨੁਸਾਰ ਹੋਵੇਗੀ।ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਇਕ ਵਿਸ਼ਾਲ ਸਰਾਂ ਅਤੇ ਇਸ ਦੇ ਨਾਲ ਹੀ ਇਕ ਆਧੁਨਿਕ ਮਿਊਜ਼ੀਅਮ ਸਥਾਪਤ ਕਰਨ ਦਾ ਵਿਚਾਰ ਵੀ ਓਕਾਫ ਬੋਰਡ ਦੇ ਅਧਿਕਾਰੀਆਂ ਨੇ ਪ੍ਰਗਟਾਇਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਵਿਚ ਸ਼੍ਰੋਮਣੀ ਕਮੇਟੀ ਲੋੜੀਂਦਾ ਸਹਿਯੋਗ ਜ਼ਰੂਰ ਦੇਵੇਗੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਬਲਦੇਵ ਸਿੰਘ ਕਾਇਮਪੁਰ, ਸੁਖਵਰਸ਼ ਸਿੰਘ ਪੰਨੂ, ਅਮਰਜੀਤ ਸਿੰਘ ਭਲਾਈਪੁਰ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਪਰਮਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਰਾਏਪੁਰ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਬੀਬੀ ਜਸਪਾਲ ਕੌਰ, ਜਰਨੈਲ ਸਿੰਘ ਡੋਗਰਾਂਵਾਲਾ, ਸਰਵਣ ਸਿੰਘ ਕੁਲਾਰ, ਭਾਈ ਰਾਜਿੰਦਰ ਸਿੰਘ ਮਹਿਤਾ, ਅਜਮੇਰ ਸਿੰਘ ਖੇੜਾ, ਖੁਸ਼ਵਿੰਦਰ ਸਿੰਘ ਭਾਟੀਆ ਅਤੇ ਭਾਈ ਪ੍ਰਿਤਪਾਲ ਸਿੰਘ ਵੀ ਪਾਕਿਸਤਾਨ ਗਏ ਹਨ।ਇਸ ਤੋਂ ਇਲਾਵਾ ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਰਾਜਿੰਦਰ ਸਿੰਘ ਰੂਬੀ, ਓਕਾਫ ਬੋਰਡ ਦੇ ਐਡੀਸ਼ਨਲ ਸਕੱਤਰ ਸੈਫ ਉਲਾ ਖੋਖਰ ਪਾਕਿਸਤਾਨ ਕਮੇਟੀ ਦੇ ਸਾਬਕਾ ਪ੍ਰਧਾਨ ਸਤਵੰਤ ਸਿੰਘ, ਬਿਸ਼ਨ ਸਿੰਘ, ਮੈਂਬਰ ਰਵਿੰਦਰ ਸਿੰਘ ਗੁਰਮੇਲ ਸਿੰਘ, ਸਰਬੱਤ ਸਿੰਘ, ਮਿੰਮਪਾਲ ਸਿੰਘ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਗ੍ਰੰਥੀ ਗਿਆਨੀ ਰਣਜੀਤ ਸਿੰਘ, ਗਿਆਨੀ ਭਾਈ ਪ੍ਰੇਮ ਸਿੰਘ, ਭਾਈ ਕੁਲਬੀਰ ਸਿੰਘ ਸਮੇਤ ਸੰਗਤਾਂ ਮੌਜ਼ੂਦ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …