Monday, September 9, 2024

ਪੰਜਾਬ ਪੁਲਿਸ ਨੇ ਸੁਧੀਰ ਸੂਰੀ ‘ਤੇ ਗੋਲੀ ਚਲਾਉਣ ਵਾਲੇ ਅੰਮ੍ਰਿਤਸਰ ਦੇ ਦੁਕਾਨਦਾਰ ਨੂੰ ਕੀਤਾ ਕਾਬੂ, ਹਥਿਆਰ ਵੀ ਕੀਤਾ ਬਰਾਮਦ

ਪੰਜਾਬ ਪੁਲਿਸ ਸੂਬੇ ਦੀ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਵਚਨਬੱਧ – ਡੀ.ਜੀ.ਪੀ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮ੍ਰਿਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ।ਉਨਾਂ ਦੱਸਿਆ ਕਿ ਕਥਿਤ ਦੋਸ਼ੀ ਵਿਅਕਤੀ, ਜੋ ਕਿ ਗੋਪਾਲ ਮੰਦਿਰ ਅੰਮ੍ਰਿਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਦੇ ਕਬਜ਼ੇ ਵਿਚੋਂ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਹਥਿਆਰ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬੀਤੀ ਦੁਪਹਿਰ 3.40 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਗੋਪਾਲ ਨਗਰ ’ਚ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠਾ ਸੀ, ਜਦੋਂ ਉਸ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ।ਉਸ ਨੂੰ ਤੁਰੰਤ ਐਸਕਾਰਟ ਹਸਪਤਾਲ ਅੰਮ੍ਰਿਤਸਰ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ ।
ਡੀ.ਜੀ.ਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈ.ਪੀ.ਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ਼ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ।ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ।ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਡੀ.ਜੀ.ਪੀ ਨੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ

ਡੀ.ਜੀ.ਪੀ ਗੌਰਵ ਯਾਦਵ ਨੇ ਪਹਿਲਾਂ ਚੰਡੀਗੜ੍ਹ ਦੀ ਪ੍ਰੈਸ ਕਾਨਫਰੰਸ ਅਤੇ ਦੇਰ ਸ਼ਾਮ ਅੰਮ੍ਰਿਤਸਰ ਵਿਖੇ ਵਾਰਦਾਤ ਵਾਲੀ ਥਾਂ ਦਾ ਦੌਰਾ ਕਰਨ ਉਪਰੰਤ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਦੇ ਮਿਸਾਲੀ ਰਿਕਾਰਡ ਬਾਰੇ ਦੱਸਦਿਆਂ ਮੀਡੀਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲੇਟਫਾਰਮਾਂ ਜਾਂ ਸੋਸ਼ਲ ਮੀਡੀਆ ‘ਤੇ ਗ਼ੈਰ-ਪ੍ਰਮਾਣਿਤ ਗੱਲਾਂ/ਖਬਰਾਂ ਪੋਸਟ ਕਰਨ ਤੋਂ ਗੁਰੇਜ਼ ਕਰਨ ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।ਉਨਾਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਂਦਿਆਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।ਡੀ.ਜੀ.ਪੀ ਨੇ ਮ੍ਰਿਤਕ ਸ਼ਿਵ ਸੈਨਾ ਟਕਸਾਲੀ ਦੇ ਪੰਜਾਬ ਪ੍ਰਧਾਨ ਦੇ ਪਰਿਵਾਰ ਨਾਲ ਮਿਲ ਕੇ ਉਨਾਂ ਨੂੰ ਅਤੇ ਜਿੰਨਾਂ ਨੂੰ ਧਮਕੀਆਂ ਮਿਲੀਆਂ ਹਨ।ਉਨਾਂ ਨੂੰ ਪੰਜਾਬ ਪੁਲਿਸ ਵਲੋਂ ਹਰ ਤਰਾਂ ਦੀ ਮਦਦ ਤੇ ਸੁਰੱਖਿਆ ਦਾ ਯਕੀਨ ਦਿਵਾਇਆ।
ਉਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਤੱਥਾਂ ਦੇ ਅਧਾਰ `ਤੇ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਹੋ ਰਹੀਆਂ ਕਾਰਵਾਈਆਂ ਬਾਰੇ ਅੱਪਡੇਟ ਕਰਦੇ ਰਹਿਣਗੇ।ਉਨਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਉਹ ਅਮਨ ਸ਼ਾਂਤੀ ਬਣਾ ਕੇ ਰੱਖਣ।

Check Also

ਖਾਲਸਾ ਕਾਲਜ ਵਿਖੇ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਗਲਤ ਜੀਵਨ …