ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਬੰਦੀ ਸਿੰਘ ਤੇ ਖੱਬੇ ਪੱਖੀ ਚਿੰਤਕਾਂ ਨੂੰ ਰਿਹਾਅ ਕਰਨ ਅਤੇ ਬੇਅਦਬੀ ਦੇ ਇਨਸਾਫ ਦੀ ਕੀਤੀ ਮੰਗ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਅਤੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਜਥੇਬੰਦੀ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਸੂਬਾ ਹੈਡਕੁਆਰਟਰ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 26 ਨਵੰਬਰ ਨੂੰ ਇਤਿਹਾਸਕ ਦਿੱਲੀ ਮੋਰਚੇ ਦੀ ਦੂਸਰੀ ਵਰੇਗੰਢ ਮੌਕੇ ਪੰਜਾਬ ਭਰ ਦੇ ਡੀ.ਸੀ ਦਫਤਰਾਂ ਅੱਗੇ ਲੰਮੇ ਮੋਰਚੇ ਚਲਾਉਣ ਦੇ ਕੀਤੇ ਐਲਾਨ ਦੀਆਂ ਪੰਜਾਬ ਵਿੱਚ ਚੱਲ ਰਹੀਆਂ ਤਿਆਰੀਆਂ ਦਾੇ ਜਾਇਜ਼ਾ ਲਿਆ ਗਿਆ।
ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਤੇ ਖੱਬੇ ਪੱਖੀ ਚਿੰਤਕਾਂ ਤੇ ਸਮਾਜਿਕ ਕਾਰਕੁੰਨਾਂ ਨੂੰ ਰਿਹਾਅ ਕਰਨ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 2015 ਵਿੱਚ ਹੋਈ ਬੇਅਦਬੀ ਦੇ ਦੋਸ਼ੀਆਂ ਤੇ ਸ਼ਾਂਤਮਈ ਧਰਨਾ ਦੇ ਰਹੇ ਧਰਨਾਕਾਰੀਆਂ ‘ਤੇ ਗੋਲੀ ਚਲਾ ਕੇ 2 ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਮਜ਼ਦੂਰਾਂ ਤੇ ਲਖੀਮਪੁਰ ਖੀਰੀ ਦੇ ਮ੍ਰਿਤਕਾਂ ਨੂੰ ਸ਼ਹੀਦ ਮੰਨਣ ਤੇ ਇਸ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਸਰਕਾਰ ਤੁਰੰਤ ਪੂਰੀ ਕਰੇ।ਪੰਜਾਬ ਸਰਕਾਰ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਮੰਨੀ ਹੋਈ ਮੰਗ ਮੁਤਾਬਿਕ ਰਹਿੰਦਾ ਮੁਆਵਜ਼ਾ ਤੇ ਪਰਿਵਾਰਾਂ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਵੇ।ਪਹਿਲੇ ਕਿਸਾਨ ਘੋਲਾਂ ਦੌਰਾਨ ਰਹਿੰਦੇ ਤਿੰਨ ਸ਼ਹੀਦਾਂ ਦੇ ਪਰਿਵਾਰਾਂ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਤਿਲੰਗਾਨਾ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਦੇਣ ਲਈ ਪ੍ਰਤੀ ਪਰਿਵਾਰ ਭੇਜੇ 3 ਲੱਖ ਰੁਪਏ ਜਾਰੀ ਕਰੇ।
ਕਿਸਾਨ ਆਗੂਆਂ ਨੇ ਅੱਗੇ ਬਿਜਲੀ ਵੰਡ ਕਾਨੂੰਨ 2022 ਰੱਦ ਕਰਨ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, 23 ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ, ਪੰਜਾਬ ਦੇ ਪਾਣੀਆਂ ਨੂੰ ਕਾਰਪੋਰੇਟਾਂ ਤੋਂ ਬਚਾਉਣ, ਪ੍ਰਦੂਸ਼ਣ ਤੋਂ ਬਚਾਉਣ, ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਪੱਕੇ ਤੌਰ ‘ਤੇ ਬੰਦ ਕਰਨ ਤੇ ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਦੀ ਮੰਗ ਕੀਤੀ।