ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 21 ਲਾਭਪਾਤਰੀਆਂ ਨੂੰ ਦਿੱਤੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਨਹੀਂ ਕਰਨ ਦੇਵੇਗੀ
ਅਤੇ ਸੂਬੇ ਅੰਦਰ ਸ਼ਾਂਤੀ ਨੂੰ ਹਰ ਕੀਮਤ ਤੇ ਬਰਕਰਾਰ ਰੱਖਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਪੰਚਾਇਤ ਵਿਭਾਗ ਵਿੱਚ 21 ਲਾਭਪਾਤਰੀਆਂ ਨੂੰ ਨਿਯੁੱਕਤੀ ਪੱਤਰ ਦੇਣ ਸਮੇਂ ਕੀਤਾ।
ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ 7 ਮਹੀਨਿਆਂ ਦੇ ਘੱਟ ਅਰਸੇ ਵਿੱਚ 25000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਪੰਜਾਬ ਦੇ 12560 ਪਿੰਡਾਂ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨਾਲ ਖੜ੍ਹੀ ਹੈ ਅਤੇ ਪ੍ਰਵਾਸੀ ਪੰਜਾਬੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਞਕਿ ਪਿਛਲੇ ਦਿਨੀਂ ਪ੍ਰਵਾਸੀ ਪੰਜਾਬੀ ਦੇ ਪਰਿਵਾਰਾਂ ਨਾਲ ਹੋਈ ਘਟਨਾ ਤੇ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਫੜ ਲਿਆ ਗਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਜਾਣ-ਬੁੱਝ ਕੇ ਇਸ ਘਟਨਾ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਦੋਹਾਂ ਸ਼ਰਾਬ ਦੇ ਠੇਕੇਦਾਰਾਂ ਆਪਸੀ ਰੰਜਿਸ਼ ਕਾਰਨ ਇਹ ਘਟਨਾ ਵਾਪਰੀ ਅਤੇ ਇਸ ਖਮਿਆਜ਼ਾ ਪ੍ਰਵਾਸੀ ਪੰਜਾਬੀ ਪਰਿਵਾਰ ਨੂੰ ਭੁਗਤਣਾ ਪਿਆ ਜਿਸ ਦਾ ਸਾਨੂੰ ਖੇਦ ਹੈ।
ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਆਸ਼ਰਿਤ ਪਰਿਵਾਰਾਂ ਦੇ ਨੌਕਰੀ ਕੇਸ ਪੈਡਿੰਗ ਚੱਲ ਰਹੇ ਸਨ ’ਤੇ ਮੰਤਰੀ ਪੇਂਡੂ ਵਿਕਾਸ ਦੀਆਂ ਕੋਸ਼ਿਸ਼ਾਂ ਸਦਕਾ ਹੀ ਅੱਜ ਇਨ੍ਹਾਂ ਨੂੰ ਨੌਕਰੀ ਦਿੱਤੀ ਜਾ ਸਕੇ ਹਨ।ਉਨ੍ਹਾਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਕਿਹਾ ਕਿ ਉਹ ਸਰਕਾਰੀ ਨੌਕਰੀ ਤਨਦੇਹੀ ਨਾਲ ਕਰਨ ਤਾਂ ਜੋ ਉਨ੍ਹਾਂ ਦੇ ਪਰਿਵਾਰ ਫਖਰ ਮਹਿਸੂਸ ਕਰ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੁੱਧਲ, ਡਿਪਟੀ ਸੀ.ਈ.ਓ ਕਪੂਰਥਲਾ ਗੁਰਪ੍ਰਤਾਪ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸਤੀਸ਼ ਕੁਮਾਰ, ਸਤਪਾਲ ਸੋਖੀ, ਐਡਵੋਕੇਟ ਰਾਜੀਵ ਮਦਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Post Daily Online Newspaper & Print Media