Saturday, July 27, 2024

ਸ਼੍ਰੋਮਣੀ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਦੀ ਕਾਇਮੀ ਲਈ ਵਿੱਢੇ ਸੰਘਰਸ਼ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ- ਭਾਈ ਗਰੇਵਾਲ
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਇਕ ਸਦੀ ਦੇ ਸਫਰ ਦੌਰਾਨ ਕੀਤੇ ਗਏ ਕੌਮੀ ਕਾਰਜ਼ਾਂ ਦੀ ਸ਼ਲਾਘਾ ਕੀਤੀ।
ਸਥਾਪਨਾ ਦਿਵਸ ਸਬੰਧੀ ਕੀਤੇ ਗਏ ਇਸ ਸਮਾਗਮ ’ਚ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਨੇ ਸ਼ੁਰੂ ਤੋਂ ਹੀ ਸੰਘਰਸ਼ਾਂ ਦਾ ਸਫਰ ਤੈਅ ਕੀਤਾ ਹੈ ਜਿਸ ਤਹਿਤ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਦਿੱਤੀਆਂ ਕੁਰਬਾਨੀਆਂ ਵੱਡਾ ਮਹੱਤਵ ਰੱਖਦੀਆਂ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਇਮੀ ਸਮੇਂ ਚੱਲੀ ਲਹਿਰ ਨੇ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਦਾ ਵੀ ਮੁੱਢ ਬੰਨ੍ਹਿਆ ਸੀ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਦੇਸ਼ ਨੂੰ ਉਚਾ ਚੁੱਕਣ ਵਿਚ ਕੋਈ ਕਸਰ ਨਹੀਂ ਛੱਡੀ, ਪਰ ਦੁੱਖ ਦੀ ਗੱਲ ਹੈ ਕਿ ਅੱਜ ਇਸ ਸੰਸਥਾ ਨੂੰ ਖੰਡਿਤ ਕਰਨ ਲਈ ਸਰਕਾਰੀ ਚਾਲਾਂ ਚੱਲੀਆਂ ਜਾ ਰਹੀਆਂ ਹਨ।ਭਾਈ ਗਰੇਵਾਲ ਨੇ ਕਿਹਾ ਕਿ ਸ਼ਾਇਦ ਇਸ ਦਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਹਰ ਖੇਤਰ ਵਿਚ ਮੋਹਰੀ ਹੋ ਕੇ ਕੀਤੇ ਜਾਂਦੇ ਕਾਰਜ਼ ਹਨ, ਜਿਨ੍ਹਾਂ ਤੋਂ ਸਰਕਾਰਾਂ ‘ਚ ਘਬਰਾਹਟ ਹੈ।ਉਨ੍ਹਾਂ ਆਖਿਆ ਕਿ ਭਾਵੇਂ ਕਈ ਚੁਣੌਤੀਆਂ ਸਿੱਖ ਸੰਸਥਾ ਨੂੰ ਪੰਥ ਵਿਰੋਧੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ, ਪਰ ਫਿਰ ਵੀ ਇਹ ਆਪਣੇ ਇਤਿਹਾਸ ਅਤੇ ਰਵਾਇਤਾਂ ਅਨੁਸਾਰ ਅੱਗੇ ਵੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਆਪਣੇ ਜ਼ੁੰਮੇ ਲੱਗੀ ਸੇਵਾ ਸ਼ਾਨ ਨਾਲ ਨਿਭਾਉਂਦੀ ਰਹੇਗੀ।ਸਮਾਗਮ ਦੌਰਾਨ ਭਾਈ ਗੁਰਭੇਜ ਸਿੰਘ ਦੇ ਢਾਡੀ ਜਥੇ ਨੇ ਵੀ ਜੋਸ਼ੀਲੀਆਂ ਵਾਰਾਂ ਦੁਆਰਾ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਨਿਰਵੈਲ ਸਿੰਘ, ਲਖਬੀਰ ਸਿੰਘ, ਪਰਮਜੀਤ ਸਿੰਘ, ਮੈਨੇਜਰ ਸੁਖਰਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …