ਨਵੀਂ ਚੁਣੀ ਗਈ ਕਾਰਜ਼ਕਾਰਨੀ ਕਮੇਟੀ ਦੀ ਹੋਈ ਪਲੇਠੀ ਬੈਠਕ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ।ਲੰਘੀ 9 ਨਵੰਬਰ ਨੂੰ ਨਵੀਂ ਚੁਣੀ ਗਈ ਕਾਰਜਕਾਰਨੀ ਕਮੇਟੀ ਦੀ ਇਹ ਪਲੇਠੀ ਬੈਠਕ ਸੀ, ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ।ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਗਰਮ ਮੁਹਿੰਮ ਅੱਗੇ ਵਧਾਈ ਜਾਵੇਗੀ।ਇਸ ਤਹਿਤ ਬੰਦੀ ਸਿੰਘਾਂ ਦੇ ਕੇਸਾਂ ਅਤੇ ਭੁਗਤੀਆਂ ਸਜ਼ਾਵਾਂ ਬਾਰੇ ਸੰਗਤ ਨੂੰ ਜਾਗਰੂਕਤਾ ਦੇ ਨਾਲ-ਨਾਲ ਪ੍ਰੋਫਾਰਮੇ ਭਰਵਾਏ ਜਾਣਗੇ।ਇਸ ਲਹਿਰ ਨੂੰ ਦੇਸ਼ ਵਿਆਪੀ ਬਣਾਉਣ ਲਈ ਪੰਜਾਬ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਾਂ ਅਤੇ ਗੁਰਦੁਆਰਾ ਕਮੇਟੀਆਂ ਰਾਹੀਂ ਵੱਖ-ਵੱਖ ਸੂਬਿਆਂ ਤੱਕ ਪਹੁੰਚ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਕੇਂਦਰ ਸ਼੍ਰੋਮਣੀ ਕਮੇਟੀ ਦਫ਼ਤਰ ਹੋਵੇਗਾ, ਜਦਕਿ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਵਿਖੇ ਸਬ-ਕੇਂਦਰ ਸਥਾਪਤ ਕੀਤੇ ਜਾਣਗੇ।ਖ਼ਾਸਕਰ ਪੰਜਾਬ ਅੰਦਰ ਗੁਰਦੁਆਰਾ ਸਾਹਿਬਾਨਾਂ, ਵਿੱਦਿਅਕ ਅਦਾਰਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਸ਼ਹਿਰਾਂ-ਕਸਬਿਆਂ ਦੇ ਅਹਿਮ ਚੌਰਾਹਿਆਂ ’ਤੇ ਕੈਂਪ ਲਗਾ ਕੇ ਪ੍ਰੋਫਾਰਮੇ ਭਰੇ ਜਾਣਗੇ।ਐਡਵੋਕੇਟ ਧਾਮੀ ਨੇ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦਾ ਕੰਮ ਮੁਕੰਮਲ ਕਰਨ ਬਾਅਦ ਚੰਡੀਗੜ੍ਹ ਵਿਖੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਇਕ ਦਿਨਾਂ ਰੋਸ ਧਰਨਾ ਹੋਵੇਗਾ ਅਤੇ ਸਾਰੇ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ।ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋਫਾਰਮੇ ਭਰਵਾਉਣ ਦੌਰਾਨ ਨਾਲੋ-ਨਾਲ ਸਾਰਾ ਰਿਕਾਰਡ ਲਿਖਤੀ ਤੇ ਡਿਜ਼ੀਟਲ ਰੂਪ ਵਿੱਚ ਸੰਭਾਲਣ ਦਾ ਕਾਰਜ਼ ਵੀ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੇਵਲ ਵੱਡੇ ਜੋੜ ਮੇਲਿਆਂ ਮੌਕੇ ਲੋੜ ਅਨੁਸਾਰ ਆਰਜ਼ੀ ਲੇਬਰ ਹੀ ਲਗਾਈ ਜਾ ਸਕੇਗੀ।ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਨਿਯਮਤ ਰੂਪ ਵਿਚ ਸੰਗਤ ਤੱਕ ਲਿਜਾਣ ਲਈ 24 ਘੰਟੇ ਦੀਆਂ ਸੇਵਾਵਾਂ ਵਾਲਾ ਯੂ-ਟਿਊਬ ਚੈਨਲ ਚਲਾਉਣ ਦੀ ਵੀ ਜਾਣਕਾਰੀ ਦਿੱਤੀ।
ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਅਸੰਧ ਤੇ ਮਲਕੀਤ ਸਿੰਘ ਚੰਗਾਲ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਇੰਚਾਰਜ ਸ਼ਾਹਬਾਜ਼ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਐਕਸੀਅਨ ਪਰਮਜੀਤ ਸਿੰਘ, ਜਤਿੰਦਰਪਾਲ ਸਿੰਘ, ਇੰਚਾਰਜ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਕਾਰਜ ਸਿੰਘ, ਹਰਪਾਲ ਸਿੰਘ, ਤਰਸੇਮ ਸਿੰਘ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media