Saturday, July 27, 2024

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸੱਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ।ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ।ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਿੰਦਰਪਾਲ ਸਿੰਘ ਗੋਰਾ, ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਕੁਲਵਿੰਦਰ ਸਿੰਘ ਰਮਦਾਸ, ਗੁਰਮੀਤ ਸਿੰਘ ਬੁੱਟਰ, ਮੀਤ ਸਕੱਤਰ ਪਰਮਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਮਲਕੀਤ ਸਿੰਘ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ ਆਦਿ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …