Saturday, July 27, 2024

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਲਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਾਦ ਸੋਚ ਤੇ ਅਜ਼ਾਦ ਸਿਧਾਂਤ ਸਮੇਂ ਦੀਆਂ ਸਰਕਾਰਾਂ ਨੂੰ ਹਮੇਸ਼ਾਂ ਰੜਕਦਾ ਰਿਹਾ ਹੈ।ਇਸੇ ਲਈ ਸਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲੇ ਕੀਤੇ ਜਾਂਦੇ ਰਹੇ ਜਿਸ ਦਾ ਸਿੱਖ ਸੂਰਮਿਆਂ ਨੇ ਹਮੇਸ਼ਾਂ ਡੱਟ ਕੇ ਮੁਕਾਬਲਾ ਕੀਤਾ।ਜਦ ਅਹਿਮਦ ਸ਼ਾਹ ਅਬਦਾਲੀ ਆਪਣੀਆਂ ਫੌਜਾਂ ਨਾਲ ਹਮਲਾ ਕਰਨ ਲਈ ਆਇਆ ਤਾਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣੇ ਕੁੱਝ ਸਾਥੀ ਸਿੰਘਾਂ ਨਾਲ ਅਬਦਾਲੀ ਦੀਆਂ ਫੌਜਾਂ ਦਾ ਡੱਟ ਕੇ ਮੁਕਾਬਲਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ।ਉਨ੍ਹਾਂ ਕਿਹਾ ਕਿ ਧਰਮ ਅਸਥਾਨਾਂ ਦੀ ਰਾਖੀ ਲਈ ਬਾਬਾ ਗੁਰਬਖਸ਼ ਸਿੰਘ ਜੀ ਦੁਆਰਾ ਕੀਤੀ ਗਈ ਸ਼ਹਾਦਤ ਤੋਂ ਸੰਗਤਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਗੁਰਤਿੰਦਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …