ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਫ਼ਤਰ ਇੰਚਾਰਜ਼ ਨੂੰ ਸੌਪਿਆ ਮੰਗ ਪੱਤਰ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਸੰਗਰੂਰ ਵਿਖੇ ਕਿਸਾਨ ਜਥੇਬੰਦੀਆਂ ਦੇ ਕਾਰਕੁੰਨ ਰੇਲਵੇ ਸਟੇਸ਼ਨ ਵਿਖੇ ਇਕੱਠੇ ਹੋਏ ਅਤੇ ਉਥੋਂ ਸ਼ਹਿਰ ਵਿਚੋਂ ਦੀ ਮੋਟਰਸਾਇਕਲ ਮਾਰਚ ਕਰਦੇ ਹੋਏ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦਫਤਰ ਪਹੁੰਚੇ।ਜਿਥੇ ਉਹਨਾਂ ਨੇ ਦਫ਼ਤਰ ਇੰਚਾਰਜ਼ ਹਰਜੀਤ ਸਿੰਘ ਸੰਜੂਮਾਂ ਅਤੇ ਗੁਰਨੈਬ ਸਿੰਘ ਰਾਮਪੁਰਾ ਨੂੰ ਮੰਗ ਪੱਤਰ ਦਿੱਤਾ।ਬੀ.ਕੇ.ਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਸਕੱਤਰ ਕਿਰਨਜੀਤ ਸਿੰਘ ਸੇਖੋਂ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਆਗੂ ਹਰਦੇਵ ਸਿੰਘ ਬਖਸ਼਼ੀਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਵੀਰ ਸਿੰਘ ਜਲੂਰ, ਬੀ.ਕੇ.ਯੂ ਲੱਖੋਵਾਲ ਦੇ ਆਗੂ ਨਿਰਮਲ ਸਿੰਘ ਘਨੌਰ, ਕੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਅਮਰੀਕ ਸਿੰਘ ਕਾਂਝਲਾ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੌਖਪੁਰਾ ਨੇ ਦੱਸਿਆ ਕਿ ਸਾਨੂੰ ਦੁਬਾਰਾ ਤੋਂ ਦੇਸ਼ ਦੇ ਕਿਸਾਨਾਂ ਨੂੰ ਲਾਮਬੰਦ ਕਰਕੇ ਵੱਡੇ ਸੰਘਰਸ਼ ਲਈ ਤਿਆਰ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਅਜੇ ਤੱਕ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੇ ਮੁੱਖ ਦੋਸ਼ੀ ਅਜੇ ਮਿਸ਼ਰਾ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਅਹੁੱਦੇ ਤੋਂ ਬਰਖਾਸਤ ਨਹੀਂ ਕੀਤਾ ਗਿਆ ਅਤੇ ਅੰਦੋਲਨ ਦੀ ਸਮਾਪਤੀ ਮੌਕੇ ਮੰਨੀਆਂ ਗਈਆਂ ਮੰਗਾਂ ਨੂੰ ਵੀ ਲਾਗੂ ਕਰਨ ਤੋਂ ਟਾਲਮਟੋਲ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ‘ਚੋਂ ਬਰਖਾਸਤ ਕਰਕੇ ਫੌਰੀ ਗ੍ਰਿਫਤਾਰ ਕੀਤਾ ਜਾਵੇ, ਸਾਰੀਆਂ ਫਸਲਾਂ ਦੀ ਐਮ.ਐਸ.ਪੀ ਤੇ ਖਰੀਦ ਦੀ ਕਨੂੰਨੀ ਗਰੰਟੀ ਦਿੱਤੀ ਜਾਵੇ, ਦਿੱਲੀ ਕਿਸਾਨ ਮੋਰਚੇ ਦੌਰਾਨ ਦੇਸ਼ ਭਰ ਵਿੱਚ ਦਰਜ਼ ਹੋਏ ਮੁਕੱਦਮੇ ਫੌਰੀ ਰੱਦ ਕੀਤੇ ਜਾਣ, 60 ਸਾਲ ਦੀ ਉਮਰ ਦੇ ਕਿਸਾਨਾਂ ਮਜ਼ਦੂਰਾਂ ਦੀ ਬੁਢਾਪਾ ਪੈਨਸ਼ਨ 10 ਹਜ਼ਾਰ ਤੈਅ ਕੀਤੀ ਜਾਵੇ ਅਤੇ ਬਿਜਲੀ ਬਿੱਲ 2022 ਅਤੇ ਡੈਮ ਸੇਫ਼ਟੀ ਐਕਟ 2021 ਰੱਦ ਕੀਤੇ ਜਾਣ।ਕਿਸਾਨ ਆਗੂਆਂ ਨੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਇਹ ਮਸਲੇ ਸੰਸਦ ਵਿੱਚ ਉਠਾਏ ਜਾਣ।
ਇਸ ਸਮੇਂ ਕਿਸਾਨ ਆਗੂ ਨਿਰਮਲ ਸਿੰਘ ਬਟੜਿਆਣਾ, ਸੁਖਦੇਵ ਸਿੰਘ ਲੇਹਲ ਕਲਾਂ, ਅਤਵਾਰ ਸਿੰਘ ਬਾਦਸ਼ਾਹਪੁਰ, ਸੁਖਦੇਵ ਸਿੰਘ ਉਭਾਵਾਲ, ਕੁਲਦੀਪ ਸਿੰਘ ਜੋਸ਼ੀ, ਕਰਮ ਸਿੰਘ ਬਲਿਆਲ ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ ।