Wednesday, June 18, 2025
Breaking News

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਆਮਦ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਜਲੌ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ।
ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ।ਉਨ੍ਹਾਂ ਸੰਗਤਾਂ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।ਗੁਰਦੁਆਰਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁੱਖੀ, ਬਿਕਰਮਜੀਤ ਸਿੰਘ ਸੁਪਰਵਾਈਜ਼ਰ ਕਾਬਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …