ਅੰਮ੍ਰਿਤਸਰ 19 ਮਾਰਚ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਦਲਿਤ ਸਮਾਜ ਵੱਲੋਂ ਦਿੱਤੇ ਗਏ ਧਰਨੇ ਦੌਰਾਨ ਕੁਝ ਹੁੱਲੜਬਾਜ਼ਾਂ ਵੱਲੋਂ ਮਾਰਕੁਟਾਈ ਦਾ ਸ਼ਿਕਾਰ ਹੋਏ ਅੰਮ੍ਰਿਤਧਾਰੀ ਨੌਜਵਾਨ ਜਸਮੀਤ ਸਿੰਘ ਦੇ ਘਰ ਅੱਜ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਕੌਂਸਲਰ ਅਮਰਬੀਰ ਸਿੰਘ ਢੋਟ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਬਿਨ੍ਹਾਂ ਕਿਸੇ ਕਾਰਨ ਦੇ ਇਕ ਅੰਮ੍ਰਿਤਧਾਰੀ ਨੌਜਵਾਨ ਦੀ ਮਾਰਕੁਟਾਈ ਅਤੇ ਕਕਾਰਾਂ ਦੀ ਬੇਅਦਬੀ ਕਰਨੀ ਸ਼ਰਮਨਾਕ ਅਤੇ ਨਿੰਦਣਯੋਗ ਕਾਰਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੁਲਿਸ ਪ੍ਰਸ਼ਾਸਨ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਸੇ ਤਰ੍ਹਾਂ ਘਟਨਾਂ ਸਮੇਂ ਮੂਕ ਦਰਸ਼ਕ ਬਣੇ ਅਤੇ ਮੌਕੇ ਤੇ ਕੋਈ ਵੀ ਕਾਰਵਾਈ ਨਾ ਕਰਨ ਵਾਲੇ ਪੁਲਿਸ ਮੁਲਾਜਮਾਂ ਅਤੇ ਅਫਸਰਾਂ ਖਿਲਾਫ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਵਾਲਮੀਕਿ ਸਮਾਜ ਦੇ ਨੁੰ ਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਸ਼ਰਾਰਤੀ ਅਨਸਰਾਂ ਦਾ ਕੋਈ ਧਰਮ ਜਾਂ ਸਮਾਜ ਨਹੀਂ ਹੁੰਦਾ ਇਸ ਲਈ ਕੋਈ ਵੀ ਬਿਆਨਬਾਜ਼ੀ ਸੋਚ ਸਮਝ ਕੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕੇਸ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੱਕ ਪੂਰੀ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਜਸਮੀਤ ਸਿੰਘ ਤੇ ਉਸਦੇ ਪਰਿਵਾਰ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਅੱਜ ਸਾਰੀ ਸਿੱਖ ਕੋਮ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨਾਲ ਹੋਈ ਵਧੀਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਸਿੰਘ ਸਾਹਿਬ ਨੂੰ ਅਪੀਲ ਕੀਤੀ ਕਿ ਲਾਪਰਵਾਹੀ ਵਰਤਨ ਵਾਲੇ ਪੁਲਿਸ ਅਫਸਰਾਂ ਨੂੰ ਵੀ ਮੁਅਤਲ ਕਰਵਾਇਆ ਜਾਵੇ। ਇਸ ਮੌਕੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਅਤੇ ਕੌਂਸਲਰ ਅਮਰਬੀਰ ਸਿੰਘ ਢੋਟ, ਜਨਰਲ ਸਕੱਤਰ ਬਲਜੀਤ ਸਿੰਘ ਸੱਗੂ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗਗਨਦੀਪ ਸਿੰਘ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਯੁਵਰਾਜ ਸਿੰਘ ਚੌਹਾਨ, ਨਵਿੰਦਰ ਸਿੰਘ, ਰਮਨਦੀਪ ਸਿੰਘ, ਪਰਮਜੀਤ ਸਿੰਘ, ਭਾਈ ਤਜਿੰਦਰ ਸਿੰਘ, ਪੀੜ੍ਹਤ ਦੇ ਮਾਤਾ ਜਸਬੀਰ ਕੌਰ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …