ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਲੱਗੀ ਰੋਕ
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਪਰਮਿੰਦਰ ਸਿੰਘ ਭੰਡਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ।ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਵੀ ਪਾਬੰਦੀ ਹੋਵੇਗੀ।
ਕਾਰਜ਼ਕਾਰੀ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ‘ਚ ਲਿਆਂਦੀ ਜਾਵੇਗੀ।ਇਹ ਹੁਕਮ 17 ਮਾਰਚ 2023 ਤੱਕ ਲਾਗੂ ਰਹੇਗਾ।