Monday, September 16, 2024

ਐਡਵੋਕੇਟ ਧਾਮੀ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ ਨਿਖੇਧੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਾਂਚ ਕਰਵਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ) – ਬੀਤੇ ਕੱਲ੍ਹ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਦੌਰਾਨ ਸ਼ਮੂਲੀਅਤ ਮਗਰੋਂ ਵਾਪਸ ਜਾਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਖ਼ਤ ਨਿੰਦਾ ਕੀਤੀ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਹੋਈ ਅਧਿਕਾਰੀਆਂ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਹਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਖਲ ਦੇਣ ਦੀ ਅਪੀਲ ਕੀਤੀ ਗਈ।
ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੁੱਚੀ ਕੌਮ ਦੀ ਨੁਮਾਇੰਦਾ ਜਥੇਬੰਦੀ ਦੇ ਆਗੂ ਹੋਣ ਕਰਕੇ ਕਿਸੇ ਇਕ ਧਿਰ ਦੇ ਨਹੀਂ, ਸਗੋਂ ਸਮੁੱਚੀ ਕੌਮ ਦੇ ਸਾਂਝੇ ਹਨ।ਉਹ ਨਿੱਜੀ ਤੌਰ ’ਤੇ ਵੀ ਪੰਥਕ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਜਾਣ ਵਾਲਿਆਂ ਦੇ ਕੇਸਾਂ ਦੀ ਪੈਰਵਾਈ ਕਰਦਿਆਂ ਜ਼ਿਕਰਯੋਗ ਕਾਨੂੰਨੀ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਮੌਜੂਦਾ ਸਮੇਂ ਪ੍ਰਤੀਨਿਧ ਸਿੱਖ ਸੰਸਥਾ ਦੇ ਪ੍ਰਧਾਨ ਹੁੰਦਿਆਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਕਾਰਜਸ਼ੀਲ ਹਨ। ਅਜਿਹੀ ਪੰਥਕ ਸ਼ਖ਼ਸੀਅਤ ’ਤੇ ਹਮਲਾ ਕਰਨ ਵਾਲਿਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਕਰੜੀ ਨਿੰਦਾ ਕਰਦੇ ਹਨ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਪੂਰੀ ਕੌਮ ਦੀ ਮੰਗ ਹੈ। ਇਸ ਲਈ ਸੰਘਰਸ਼ ਦੀ ਹਮਾਇਤ ਕਰਨ ਵਾਲਿਆਂ ਦਾ ਵਿਰੋਧ ਕਰਨ ਵਾਲੇ ਸੰਘਰਸ਼ ਦਾ ਵਿਰੋਧ ਰਹੇ ਹਨ।ਇਸ ਮਾਮਲੇ ਵਿਚ ਮੋਰਚੇ ਦੇ ਪ੍ਰਬੰਧਕਾਂ ਨੂੰ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਕੇ ਕਰਵਾਈ ਕਰਨੀ ਚਾਹੀਦੀ ਹੈ।ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਅਪੀਲ ਹੈ ਕਿ ਉਹ ਇਸ ਘਟਨਾ ਦੀ ਆਪਣੇ ਤੌਰ ’ਤੇ ਜਾਂਚ ਕਰਵਾਉਣ ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜ਼ੂਦ ਸਨ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …