ਪ੍ਰਚਾਰਕ ਜਥਿਆਂ ਰਾਹੀਂ ਪਿੰਡਾਂ ਤੇ ਵਿਦਿਅਕ ਅਦਾਰਿਆਂ ’ਚ ਤੇਜ਼ ਕੀਤੀ ਜਾਵੇਗੀ ਦਸਤਖ਼ਤੀ ਮੁਹਿੰਮ
ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ) – ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ
ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀਂ ਇਸ ਨੂੰ ਪਿੰਡ ਪੱਧਰ ’ਤੇ ਤੱਕ ਲਿਜਾਇਆ ਜਾ ਰਿਹਾ ਹੈ।ਇਹ ਦਸਤਖ਼ਤੀ ਮੁਹਿੰਮ 1 ਦਸੰਬਰ 2022 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੀਕ ਲੱਖਾਂ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ।ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ 90 ਦੇ ਕਰੀਬ ਕੇਂਦਰ ਸੰਗਤ ਪਾਸੋਂ ਪ੍ਰੋਫਾਰਮੇ ਭਰਵਾਉਣ ਲਈ ਕਾਰਜ ਕਰ ਰਹੇ ਹਨ।ਹੁਣ ਇਸ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਵਿਦਿਅਕ ਅਦਾਰਿਆਂ ਦੇ ਨਾਲ-ਨਾਲ ਪ੍ਰਚਾਰਕ ਜਥਿਆਂ ਰਾਹੀਂ ਪਿੰਡਾਂ ਤੱਕ ਪਹੁੰਚਾਇਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਭਾਵੇਂ ਅਰਸੇ ਤੋਂ ਵੱਖ-ਵੱਖ ਤਰੀਕਿਆਂ ਰਾਹੀਂ ਆਪਣੀ ਅਵਾਜ਼ ਉਠਾਉਂਦੀ ਆ ਰਹੀ ਹੈ, ਪਰੰਤੂ ਹੁਣ ਇਸ ਨੂੰ ਲੋਕ ਲਹਿਰ ਸਿਰਜਣ ਦੇ ਮਨੋਰਥ ਨਾਲ ਦਸਤਖ਼ਤੀ ਮੁਹਿੰਮ ਤਹਿਤ ਅੱਗੇ ਵਧਾਇਆ ਜਾ ਰਿਹਾ ਹੈ।ਭਾਵੇਂ ਕਿ ਕਾਨੂੰਨੀ ਚਾਰਾਜੋਈ ਵੀ ਜਾਰੀ ਹੈ, ਲੇਕਿਨ ਲੋਕਾਂ ਦੀਆਂ ਭਾਵਨਾਵਾਂ ਨੂੰ ਸਰਕਾਰਾਂ ਤੱਕ ਪਹੁੰਚਾਉਣਾ ਵੀ ਬੇਹੱਦ ਅਹਿਮ ਹੈ। ਇਸੇ ਤਹਿਤ ਹੀ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੱਕ 10 ਲੱਖ ਤੋਂ ਵੱਧ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਲਹਿਰ ਨੂੰ ਅੰਤਮ ਪੜਾਅ ’ਤੇ ਹੋਰ ਤੇਜ ਕਰ ਦਿੱਤਾ ਗਿਆ ਹੈ ਅਤੇ ਵਿਦਿਅਕ ਅਦਾਰਿਆਂ ਅੰਦਰ ਵਿਦਿਆਰਥੀਆਂ ਨੂੰ ਇਸ ਦਾ ਹਿੱਸਾ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਪ੍ਰੋਫਾਰਮੇ ਭਰਵਾਉਣ ਦਾ ਕਾਰਜ਼ ਮੁਕੰਮਲ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸਮਾਂ ਨਿਰਧਾਰਤ ਕਰਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ’ਤੇ ਇਕ ਪੱਤਰ ਸਮੇਤ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।
ਭਾਈ ਗਰੇਵਾਲ ਨੇ ਦੱਸਿਆ ਕਿ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਂਚਲ ਪ੍ਰਦੇਸ਼, ਜੰਮੂ ਕਸ਼ਮੀਰ, ਉਤਰ ਪ੍ਰਦੇਸ਼, ਦਿੱਲੀ, ਰਾਜਿਸਥਾਨ, ਉਤਰਾਖੰਡ, ਗੁਜਰਾਤ, ਮੱਧ ਪ੍ਰਦੇਸ਼, ਕਲਕੱਤਾ, ਛੱਤੀਸਗੜ੍ਹ ਆਦਿ ਥਾਵਾਂ ’ਤੇ ਸਿੱਖ ਮਿਸ਼ਨਾਂ ਰਾਹੀਂ ਪ੍ਰੋਫਾਰਮੇ ਭਰਵਾਏ ਜਾ ਰਹੇ ਹਨ।ਆਨਲਾਈਨ ਤਰੀਕੇ ਨਾਲ ਵਿਦੇਸ਼ਾਂ ਤੋਂ ਵੀ ਹਜ਼ਾਰਾਂ ਦੀ ਗਿਣਤੀ ’ਚ ਲੋਕ ਦਸਤਖ਼ਤੀ ਮੁਹਿੰਮ ਨਾਲ ਜੁੜੇ ਹਨ।ਨਾਗਾਲੈਂਡ ਅਤੇ ਤਾਮਿਲਨਾਡੂ ‘ਚ ਵੀ ਸਵੈਇਛਕ ਤੌਰ ’ਤੇ ਕੁੱਝ ਸਮਾਜਿਕ ਸੰਗਠਨਾਂ ਨੇ ਵੀ ਪ੍ਰੋਫਾਰਮੇ ਭਰਨ ਲਈ ਵੀ ਸਹਿਯੋਗ ਕੀਤਾ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media