ਸਰਕਾਰ ਡੇਰਾ ਸਿਰਸਾ ਮੁਖੀ ਦੀ ਪੈਰੋਲ ਤੁਰੰਤ ਰੱਦ ਕਰਕੇ ਭੇਜੇ ਜੇਲ੍ਹ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸੌਦਾ ਸਾਧ ਜਾਣਬੁੱਝ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕਰ ਰਿਹਾ ਹੈ ਅਤੇ ਸਰਕਾਰਾਂ ਸ਼ਾਂਤ ਹਨ।
ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖਾਂ ਦਾ ਅਹਿਮ ਧਾਰਮਿਕ ਚਿੰਨ੍ਹ ਹੈ, ਜਿਸ ਦੀ ਤੌਹੀਨ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ।ਸੌਦਾ ਸਾਧ ਨੇ ਕਿਰਪਾਨ ਨਾਲ ਕੇਕ ਕੱਟ ਕੇ ਸਿੱਖ ਕਕਾਰ ਦੇ ਸਤਿਕਾਰ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਬਲਾਤਕਾਰ ਅਤੇ ਕਤਲ ਦੇ ਸੰਗੀਨ ਦੋਸ਼ਾਂ ਵਿੱਚ ਸਜ਼ਾ ਕੱਟ ਰਹੇ ਅਜਿਹੇ ਅਪਰਾਧੀ ਨੂੰ ਸਰਕਾਰਾਂ ਵਲੋਂ ਵਾਰ-ਵਾਰ ਪੈਰੋਲ ਦੇ ਕੇ ਛੱਡਿਆ ਜਾ ਰਿਹਾ ਹੈ ਅਤੇ ਉਹ ਬਾਹਰ ਆ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਰਿਹਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਸਭ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਨੀ ਸਿਖਾਉਂਦਾ ਹੈ ਅਤੇ ਕਿਸੇ ਨੂੰ ਵੀ ਅਜਿਹਾ ਹੱਕ ਨਹੀਂ ਹੈ ਕਿ ਉਹ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੇ।ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅਜਿਹੇ ਅਪਰਾਧੀ ਨੂੰ ਸਰਕਾਰਾਂ ਖਾਸ ਪੁਸ਼ਤਪਨਾਹੀ ਦੇ ਰਹੀਆਂ ਹਨ, ਜੋ ਦੇਸ਼ ਹਿੱਤ ਵਿੱਚ ਨਹੀਂ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੌਦਾ ਸਾਧ ਦੀ ਪੈਰੋਲ ਤੁਰੰਤ ਰੱਦ ਕਰਕੇ ਉਸ ਨੂੰ ਸ਼ਲਾਖਾ ਪਿੱਛੇ ਭੇਜਿਆ ਜਾਵੇ।