ਕੱਲ ਅੰਮ੍ਰਿਤਸਰ ਤੋਂ 400 ਨਵੇਂ ਆਮ ਆਦਮੀ ਕਲੀਨਿਕ ਪੰਜਾਬੀਆਂ ਨੂੰ ਸਮਰਪਿਤ ਕਰਨਗੇ ਮੁੱਖ ਮੰਤਰੀ
ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਵਿੱਤ, ਸਹਿਕਾਰਤਾ ਅਤੇ ਕਰ ਤੇ ਆਬਕਾਰੀ ਮੰਤਰੀ ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਤੇ ਭਾਰਤ ਦੁਨੀਆਂ ਵਿੱਚ ਵੱਡਾ ਲੋਕਤੰਤਰ ਦੇਸ਼ ਬਣ ਸਕਿਆ ਹੈ।ਗੁਰੂ ਨਾਨਕ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸੰਬੋਧਨ ਕਰਦੇ ਚੀਮਾ ਨੇ ਆਜ਼ਾਦੀ ਘੁਲਾਟੀਆਂ ਅਤੇ ਸਰਹੱਦਾਂ ਦੀ ਰਾਖੀ ਕਰਦੇ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਕਾਇਮੀ ਲਈ ਜਵਾਨਾਂ ਦੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ 26 ਜਨਵਰੀ 1950 ਨੂੰ ਅੱਜ ਦੇ ਦਿਨ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਵੱਡੀ ਜਮਹੂਰੀਅਤ ਬਣਨ ਦਾ ਮਾਣ ਪ੍ਰਾਪਤ ਹੋਇਆ।
ਜਿਲ੍ਹਾ ਵਾਸੀਆਂ ਨੂੰ ਸੰਬੋਧਿਤ ਕਰਦੇ ਉਨਾਂ ਨੇ ਕਿਹਾ ਕਿ ਆਪਣੇ 10 ਮਹੀਨੇ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਅਨੇਕਾ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ।ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ, ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਸਰਕਾਰੀ ਨੌਕਰੀਆਂ ਵਿਚ ਭਰਤੀ, ਭ੍ਰਿਸ਼ਟਾਚਾਰ ਵਿਰੁੱਧ ਜੰਗ, ਸਕੂਲ ਆਫ ਐਮੀਨੈਂਨਸ, ਪੰਜਾਬੀ ਭਾਸ਼ਾ ਲਈ ਨਵੀਆਂ ਪਹਿਲਕਦਮੀਆਂ, ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ, ਬਿਜਲੀ ਬਿਲਾਂ ਦੀ ਮੁਆਫੀ, ਪੰਚਾਇਤਾਂ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣੇ, ਸਰਕਾਰੀ ਬੱਸ ਸੇਵਾਵਾਂ ਨੂੰ ਮੁੜ ਪੈਰਾਂ ਸਿਰ ਕਰਨਾ ਅਤੇ ਨਵੇਂ ਮੈਡੀਕਲ ਕਾਲਜਾਂ ਦੇ ਸਥਾਪਨਾ ਵਰਗੇ ਅਹਿਮ ਫੈਸਲੇ ਸ਼ਾਮਲ ਹਨ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਐਸ.ਟੀ ਮਾਲੀਏ ਵਿੱਚ 24.5 ਫੀਸਦੀ ਅਤੇ ਆਬਕਾਰੀ ਮਾਲੀਏ ਵਿੱਚ 34 ਫੀਸਦੀ ਦਾ ਰਿਕਾਰਡ ਵਾਧਾ ਕੀਤਾ ਹੈ।ਉਨਾਂ ਕਿਹਾ ਕਿ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਜਾਰੀ ਹੈ, ਜੋ ਕਿ ਇਨਾਂ ਦੇ ਖਾਤਮੇ ਤੱਕ ਜਾਰੀ ਰਹੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਹੈ।ਉਨਾਂ ਕਿਹਾ ਕਿ ਹੁਣ ਤੱਕ ਖੋਲ੍ਹੇ ਗਏ 100 ਅਜਿਹੇ ਕਲੀਨਿਕਾਂ ਵਿੱਚ 10 ਲੱਖ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁਕੇ ਹਨ ਅਤੇ ਕੱਲ੍ਹ ਅੰਮ੍ਰਿਤਸਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸੂਬੇ ਵਿਚ 400 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤਾ ਗਿਆ ਹਰੇਕ ਵਾਅਦਾ ਪੂਰਾ ਕੀਤਾ ਜਾਵੇਗਾ।ਉਨਾਂ ਕੱਲ੍ਹ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ ਹੈ।
ਸਕੂਲਾਂ ਵਲੋਂ ਸੱਭਿਆਚਾਰਕ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ।ਵੱਖ-ਵੱਖ ਵਿਭਾਗਾਂ ਵਲੋਂ ਸਰਕਾਰ ਦੇ ਪ੍ਰੋਗਰਾਮਾਂ ਨੂੰ ਦਰਸਾਉਂਦੀਆਂ ਝਾਕੀਆਂ ਦੀ ਪੇਸ਼ਕਾਰੀ ਕੀਤੀ ਗਈ।ਪਰੇਡ ਕਮਾਂਡਰ ਵਰਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਪੁਲਿਸ ਦੇ ਜਵਾਨਾਂ ਨੇ ਪਰੇਡ ਵਿੱਚ ਹਿੱਸਾ ਲਿਆ।ਜਿਲ੍ਹਾ ਪ੍ਰਸਾਸ਼ਨ ਵਲੋਂ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦਿੱਤਾ ਗਿਆ।
ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਜਸਬੀਰ ਸਿੰਘ ਸੰਧੂ, ਏ.ਡੀ.ਜੀ.ਪੀ ਅਮਰਦੀਪ ਸਿੰਘ ਰਾਏ, ਪੁਲਿਸ ਕਮਿਸ਼ਨਰ ਡਾ. ਜਸਕਰਨ ਸਿੰਘ, ਚੇਅਰਮੈਨ ਜਸਪ੍ਰੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਲਕਸ਼ਮੀਕਾਂਤਾ ਚਾਵਲਾ, ਰੈਡ ਕਰਾਸ ਦੇ ਚੇਅਰਪਰਸਨ ਡਾ. ਗੁਰਪ੍ਰੀਤ ਕੌਰ, ਰਵਿੰਦਰ ਹੰਸ, ਸਤਪਾਲ ਸੋਖੀ ਅਤੇ ਹੋਰ ਆਗੂ ਹਾਜ਼ਰ ਸਨ।