Saturday, July 27, 2024

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂ.ਐਨ.ਓ ਤੇ ਅੰਤਰਰਾਸ਼ਟਰੀ ਕੋਰਟ ਤੱਕ ਲਿਜਾਇਆ ਜਾਵੇਗਾ

ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਯੂ.ਐਨ.ਓ ਅਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਪ੍ਰਤੀ ਸਰਕਾਰਾਂ ਦਾ ਅਨਿਆਂ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ, ਜਿਸ ਨੂੰ ਲੈ ਕੇ ਅੰਤਰਰਾਸ਼ਟਰੀ ਮੰਚਾਂ ’ਤੇ ਅਵਾਜ਼ ਉਠਾਈ ਜਾਵੇਗੀ।ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਪ੍ਰਚੰਡ ਕੀਤੀ ਜਾਵੇਗੀ ਅਤੇ ਸਿੱਖ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਸਿੰਘ ਸਭਾਵਾਂ ਅਤੇ ਮਨੁੱਖੀ ਹੱਕਾਂ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਨਾਲ ਲੈ ਕੇ ਇਸ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਹਰ ਪੱਧਰ ’ਤੇ ਲੜਿਆ ਜਾਵੇਗਾ ਅਤੇ ਸਰਕਾਰਾਂ ਨੂੰ ਸਿੱਖ ਕੌਮ ਦੀ ਅਵਾਜ਼ ਅੱਗੇ ਝੁਕਣਾ ਹੀ ਪਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧ ਵਿਚ ਕਾਨੂੰਨੀ ਲੋੜਾਂ ਲਈ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਪਰਮਜੀਤ ਸਿੰਘ ਥਿਆੜਾ, ਬਲਤੇਜ ਸਿੰਘ ਢਿੱਲੋਂ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਧਾਰਨੀ ਅਤੇ ਅਰਸ਼ਦੀਪ ਸਿੰਘ ਕਲੇਰ ’ਤੇ ਅਧਾਰਿਤ ਕਾਨੂੰਨੀ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ, ਜੋ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਕਾਨੂੰਨੀ ਮੱਦਦ ਲਈ ਕਾਰਜਸ਼ੀਲ ਰਹੇਗਾ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …