ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀਆਂ ਪੰਥਕ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਹਾਰਾਜਾ ਨਾਭਾ ਨੇ ਗੁਰਦੁਆਰਾ ਸੁਧਾਰ ਲਹਿਰ ਦੀ ਹਮਾਇਤ ਕਰਨ ਦੇ ਨਾਲ-ਨਾਲ ਸੰਨ 1909 ਵਿਚ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਵਿਚ ਅਹਿਮ ਯੋਗਦਾਨ ਪਾਇਆ। ਇਸ ਦੇ ਨਾਲ ਹੀ ਜਦੋਂ ਸਾਕਾ ਨਨਕਾਣਾ ਸਾਹਿਬ ਵਾਪਰਿਆ ਤਾਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਕਾਲੀਆਂ ਦਸਤਾਰਾਂ ਬੰਨ੍ਹ ਕੇ ਰੋਸ ਪ੍ਰਗਟ ਕਰਨ ਵਾਲਿਆਂ ਵਿਚ ਮਹਾਰਾਜਾ ਨਾਭਾ ਵੀ ਸ਼ਾਮਲ ਸੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਬਾਬਾ ਚੰਦਾ ਸਿੰਘ ਜੀ ਕੱਟੂ ਵਾਲਿਆਂ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਦੀ ਸੰਭਾਲ ਲਈ ਵੀ ਪ੍ਰਭਾਵਸ਼ਾਲੀ ਲਹਿਰ ਨੂੰ ਅੱਗੇ ਵਧਾਏਗੀ।ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਗੁਰਦੁਆਰਾ ਸਾਹਿਬਾਨ ਦੇ ਇੱਕ-ਇੱਕ ਏਕੜ ਰਕਬੇ ਵਿਚ ਵਿਰਾਸਤੀ ਜੰਗਲ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਇਸ ਨੂੰ ਹੋਰ ਅੱਗੇ ਵਧਾਉਂਦਿਆਂ ਹੁਣ ਹਰ ਵਿਦਿਅਕ ਅਦਾਰੇ ਅਤੇ ਗੁਰਦੁਆਰਾ ਸਾਹਿਬਾਨ ਵਿਚ ਭਰਵੇਂ ਰੁੱਖ ਲਗਾਏ ਜਾਣਗੇ। ਇਸ ਦੇ ਨਾਲ ਹੀ ਮਿੱਟੀ, ਹਵਾ ਅਤੇ ਪਾਣੀ ਦੀ ਸ਼ੁਧਤਾ ਲਈ ਚੇਤਨਤਾ ਫੈਲਾਉਣ ਵਾਸਤੇ ਕਿਤਾਬਚੇ ਤਿਆਰ ਕਰਕੇ ਲੱਖਾਂ ਦੀ ਗਿਣਤੀ ਵਿਚ ਵੰਡੇ ਜਾਣਗੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …