ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 4 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ।ਦੱਸਣਯੋਗ ਹੈ ਕਿ ਘੱਟਗਿਣਤੀ ਭਾਈਚਾਰਿਆਂ ਨਾਲ ਸਬੰਧ ਰੱਖਣ ਵਾਲੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਮੌਲਾਨਾ ਅਜ਼ਾਦ ਨੈਸ਼ਨਲ ਫੈਲੋਸ਼ਿਪ ਅਤੇ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਤਹਿਤ ਵਜੀਫੇ ਦਿੱਤੇ ਜਾਂਦੇ ਸਨ, ਜਿਸ ਨੂੰ ਪਿਛਲੇ ਸਾਲ ਤੋਂ ਬੰਦ ਕਰ ਦਿੱਤਾ ਗਿਆ ਹੈ।ਪ੍ਰਧਾਨ ਐਡਵੋਕੇਟ ਧਾਮੀ ਨੇ ਸਰਕਾਰ ਪਾਸੋਂ ਮੁੜ ਨਜ਼ਰਸਾਨੀ ਮੰਗੀ ਹੈ। ਪ੍ਰਧਾਨ ਮੰਤਰੀ ਮੋਦੀ ਪਾਸੋਂ ਇਸ ਨੂੰ ਲੈ ਕੇ ਦਖ਼ਲ ਦੀ ਮੰਗ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਐਡਵੋਕੇਟ ਧਾਮੀ ਨੇ ਆਖਿਆ ਹੈ ਕਿ ਦੇਸ਼ ਅੰਦਰ ਲੰਮੇ ਸਮੇਂ ਤੋਂ ਚੱਲ ਰਹੀ ਇਸ ਸਕੀਮ ਦੇ ਬੰਦ ਹੋਣ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ ਪ੍ਰਭਾਵਿਤ ਹੋਣਗੇ।ਘੱਟਗਿਣਤੀ ਕੌਮਾਂ ਨਾਲ ਸਬੰਧ ਰੱਖਣ ਵਾਲੇ ਵਿਦਿਆਰਥੀਆਂ ਨੂੰ ਖੋਜ ਕਾਰਜ਼ਾਂ ਅਤੇ ਪੜ੍ਹਾਈ ਲਈ ਇਸ ਫੈਲੋਸ਼ਿਪ ਤੋਂ ਵਾਂਝਿਆਂ ਕਰਨਾ ਬੇਹੱਦ ਮੰਦਭਾਗਾ ਹੈ।ਦੇਸ਼ ਦੀ ਤਰੱਕੀ ਲਈ ਅਜਿਹੀਆਂ ਯੋਜਨਾਵਾਂ ਬੇਹੱਦ ਕਾਰਗਰ ਸਾਬਤ ਹੁੰਦੀਆਂ ਹਨ, ਪਰੰਤੂ ਸਰਕਾਰ ਵੱਲੋਂ ਜਾਣਬੁੱਝ ਕੇ ਘੱਟਗਿਣਤੀਆਂ ਨੂੰ ਨਜ਼ਰਅੰਦਾਜ਼ ਕਰਨਾ ਦੇਸ਼ ਹਿੱਤ ਵਿਚ ਨਹੀਂ ਹੈ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਕਾਰਜਸ਼ੈਲੀ ਘੱਟਗਿਣਤੀਆਂ ਪ੍ਰਤੀ ਅਜਿਹੀ ਹੀ ਰਹੀ ਤਾਂ ਉਨ੍ਹਾਂ ਅੰਦਰ ਸਰਕਾਰ ਪ੍ਰਤੀ ਉਦਾਸਨੀਤਾ ਅਤੇ ਬੇਵਿਸਵਾਸ਼ੀ ਪੈਦਾ ਹੋਣੀ ਯਕੀਨੀ ਹੈ।ਇਸ ਲਈ ਸਰਕਾਰ ਨੂੰ ਘੱਟਗਿਣਤੀਆਂ ਨਾਲ ਸਬੰਧਤ ਮਸਲਿਆਂ ’ਤੇ ਖੁਲ੍ਹਦਿਲੀ ਨਾਲ ਵਿਚਾਰ ਕਰਨੀ ਚਾਹੀਦੀ ਹੈ, ਤਾਂ ਜੋ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਣਿਆ ਰਹੇ।ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਬੰਦ ਹੋਈ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਵਾਉਣ।