ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤਰਜ਼ੀਹੀ ਆਧਾਰ ’ਤੇ ਢੁਕਵੇਂ ਕਦਮ ਪੁੱਟੇ ਜਾ ਰਹੇ ਹਨ।ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਪ੍ਰਗਟਾਵਾ ਅੱਜ ਸਬ ਡਵੀਜ਼ਨਲ ਹਸਪਤਾਲ ਧੂਰੀ ਵਿਖੇ ਸਿਹਤ ਸੁਵਿਧਾਵਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਕੀਤਾ।ਸਿਹਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਹੋਰਨਾਂ ਉਚ ਅਧਿਕਾਰੀਆਂ ਸਮੇਤ ਹਸਪਤਾਲ ਦਾ ਦੌਰਾ ਕੀਤਾ ਅਤੇ ਉਥੇ ਡਾਕਟਰੀ ਸਟਾਫ਼ ਤੇ ਜ਼ੇਰੇ ਇਲਾਜ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।ਸਿਹਤ ਮੰਤਰੀ ਨੇ ਦੱਸਿਆ ਕਿ ਅਗਲੇ 6 ਮਹੀਨਿਆਂ ਅੰਦਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਨਾਲ ਨਾਲ ਸਟਾਫ਼ ਦੀ ਸੁਰੱਖਿਆ ਅਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵਲੋਂ ਟੀਚਾ ਮਿਥਿਆ ਗਿਆ ਹੈ ਕਿ ਅਗਲੇ ਇੱਕ ਦੋ ਵਰ੍ਹਿਆਂ ਅੰਦਰ ਸਾਰੇ ਟੈਸਟ ਤੇ ਸਾਰੀਆਂ ਦਵਾਈਆਂ ਹਸਪਤਾਲਾਂ ਅੰਦਰ ਹੀ ਮੁਫ਼ਤ ਉਪਲਬਧ ਹੋਣਗੀਆਂ।ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਕਾਰਪੋਰੇਟ ਹਸਪਤਾਲਾਂ ਨਾਲੋਂ ਵੀ ਵਧੀਆ ਬਣਾਏ ਜਾਣਗੇ ਅਤੇ ਕਿਸੇ ਵੀ ਹਸਪਤਾਲ ਵਿੱਚ ਨਾ ਤਾਂ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਰਹੇਗੀ ਅਤੇ ਨਾ ਹੀ ਲੋੜਵੰਦਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਸ਼੍ਰੀ ਮਾਨ ਵੱਲੋਂ 271 ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਬਾਕੀ ਦੀਆਂ ਖਾਲੀ ਆਸਾਮੀਆਂ ਭਰਨ ਲਈ ਵੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।ਸਿਹਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਸਿਹਤ ਦੇ ਖੇਤਰ ਦੀ ਅਣਦੇਖੀ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪਿਆ ਹੈ, ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੁੱਖ ਮੰਤਰੀ ਨੇ ਆਉਂਦੇ ਸਾਰ ਹੀ ਬੇਰੋਜ਼ਗਾਰਾਂ ਨੂੰ ਨੌਕਰੀਆਂ ਦੇਣ, ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਆਦਿ ਸਮੇਤ ਅਨੇਕਾਂ ਕੰਮ ਕਰਵਾਏ ਹੋਣ।ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸਥਾਪਤ ਆਮ ਆਦਮੀ ਕਲੀਨਿਕਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਲੋਕ ਕਾਫੀ ਲਾਭ ਉਠਾ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਓ.ਐਸ.ਡੀ ਟੂ ਸੀ.ਐਮ ਪ੍ਰੋਫੈਸਰ ਓਂਕਾਰ ਸਿੰਘ, ਐਸ.ਡੀ.ਐਮ ਅਮਿਤ ਗੁਪਤਾ, ਐਸ.ਪੀ ਪਲਵਿੰਦਰ ਸਿੰਘ ਚੀਮਾ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਸਿੰਗਲਾ, ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਐਸ.ਐਮ.ਓ ਡਾ. ਸੰਗੀਤਾ ਸਮੇਤ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।