Thursday, November 21, 2024

ਸਿਆਸੀ ਸਥਿਰਤਾ ਤੇ ਤੇਜ਼ੀ ਨਾਲ ਫੈਸਲੇ ਲੈਣ ਨਾਲ ਪੰਜਾਬ ਦੇਸ਼ ‘ਚ ਬਣ ਰਿਹਾ ਹੈ ਮੋਹਰੀ ਸਨਅਤੀ ਸੂਬਾ – ਮੁੱਖ ਮੰਤਰੀ

ਅੰਮ੍ਰਿਤਸਰ ‘ਚ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ ਵਿੱਚ ਸੈਰ-ਸਪਾਟਾ ਸਨਅਤ ਵਧਾਉਣ ਦਾ ਕੀਤਾ ਐਲਾਨ

ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜ਼ੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉਭਰੇਗਾ।
ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦੌਰਾਨ ਅੱਜ ਇਥੇ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਜਨਮ ਹੀ ਨੰਬਰ ਇਕ ‘ਤੇ ਪੁੱਜਣ ਲਈ ਹੋਇਆ ਹੈ, ਕਿਉਂਕਿ ਮਿਹਨਤ ਤੇ ਸਮਰਪਣ ਦੀ ਭਾਵਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੀ ਸਮਾਈ ਹੋਈ ਹੈ।ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨਾਲ ਪੰਜਾਬੀਆਂ ਨੇ ਹਮੇਸ਼ਾ ਹਰੇਕ ਖੇਤਰ ਵਿੱਚ ਮੱਲਾਂ ਮਾਰੀਆਂ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਮੁਕਾਮ ਹਾਸਲ ਕੀਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਨਅਤੀ ਤਰੱਕੀ ਦੀ ਤੇਜ਼ ਰਫ਼ਤਾਰ ਦਾ ਪਾਂਧੀ ਬਣੇਗਾ।
ਸੂਬੇ ਭਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਇਸ ਖੇਤਰ ਵਿਚਲੀਆਂ ਅਥਾਹ ਸੰਭਾਵਨਾਵਾਂ ਦਾ ਪੂਰਾ ਲਾਹਾ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਸ ਗਲੋਂ ਖ਼ੁਸ਼ਕਿਸਮਤ ਹੈ ਕਿ ਇਥੇ ਬਹੁਤ ਸਾਰੇ ਕੁਦਰਤੀ ਸਰੋਤ ਹਨ, ਜਿਨ੍ਹਾਂ ਨੂੰ ਕੌਮਾਂਤਰੀ ਸੈਲਾਨੀਆਂ ਲਈ ਸੈਰਗਾਹਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਚੋਹਾਲ ਡੈਮ, ਨੂਰਪੁਰ ਬੇਦੀ ਤੇ ਹੋਰ ਥਾਵਾਂ ਨੂੰ ਆਧੁਨਿਕ ਸੈਰਗਾਹਾਂ ਵਜੋਂ ਵਿਕਸਤ ਕਰਨ ਲਈ ਪੁਖ਼ਤਾ ਤਜਵੀਜ਼ ਲਿਆ ਰਹੀ ਹੈ।ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਹੜੀਆਂ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ‘ਤੇ ਲਿਆ ਸਕਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਅੰਮਿ੍ਰਤਸਰ ਨੂੰ ਸੈਰ-ਸਪਾਟੇ ਪੱਖੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ, ਜਿਸ ਤੋਂ ਧਾਰਮਿਕ ਤੇ ਦੇਸ਼ ਭਗਤੀ ਦੇ ਜਜ਼ਬੇ ਦਾ ਝਲਕਾਰਾ ਮਿਲੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟਾ ਖੇਤਰ ਦੀ ਤਰੱਕੀ ਲਈ ਹਰ ਹੀਲਾ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੁਨੀਆ ਭਰ ਦੇ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚੇਗਾ।
ਮੁੱਖ ਮੰਤਰੀ ਨੇ ਸਥਾਨਕ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਦਿਆਂ ਸਥਾਨਕ ਸਨਅਤ ਦੀਆਂ ਤਰਜ਼ੀਹਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।ਇਨ੍ਹਾਂ ਸੈਰਗਾਹਾਂ ਨੂੰ ਵਿਕਸਤ ਕਰਨ ਲਈ ਦੇਸ਼ ਭਰ ਤੋਂ ਜਾਂ ਵਿਦੇਸ਼ਾਂ ਤੋਂ ਵੱਡੀਆਂ ਕੰਪਨੀਆਂ ਨੰੂ ਸੱਦਣ ਦੀ ਥਾਂ ਸਥਾਨਕ ਸਨਅਤਕਾਰਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ।ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਥਾਨਕ ਸਨਅਤਕਾਰਾਂ ਨੂੰ ਇਸ ਖੇਤਰ ਵਿੱਚ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਪੰਜਾਬ ਸੈਰ-ਸਪਾਟਾ ਸਨਅਤ ਦੇ ਗੜ੍ਹ ਵਜੋਂ ਉੱਭਰੇਗਾ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਖੇਤੀ ਉਦਯੋਗ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇਣ ਦੀ ਵੀ ਯੋਜਨਾ ਬਣਾ ਰਹੀ ਹੈ।ਕ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦੀ 80 ਫੀਸਦੀ ਪੈਦਾਵਾਰ ਪੰਜਾਬ ਵਿੱਚ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਉਤਪਾਦਨ ਵਿੱਚ ਹੋਰ ਵਾਧਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਨਾਲ ਇੱਕ ਪਾਸੇ ਉਦਯੋਗਿਕ ਖੇਤਰ ਵਿੱਚ ਕ੍ਰਾਂਤੀ ਆਵੇਗੀ, ਉਥੇ ਕਿਸਾਨਾਂ ਦੀ ਆਮਦਨ ਵਧਣ ਦੇ ਨਾਲ-ਨਾਲ ਪਾਣੀ ਦੇ ਰੂਪ ਵਿੱਚ ਬਹੁਮੁੱਲੇ ਕੁਦਰਤੀ ਸਰੋਤ ਦੀ ਬੱਚਤ ਹੋਵੇਗੀ।
ਮੁੱਖ ਮੰਤਰੀ ਨੇ ਉੱਦਮੀਆਂ ਨਾਲ ਭਾਵੁਕ ਸਾਂਝ ਪਾਉਂਦਿਆਂ ਆਖਿਆ ਕਿ ਉਹ ਕਿਧਰੇ ਹੋਰ ਨਾ ਜਾਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਇਥੇ ਆਪਣਾ ਕਾਰੋਬਾਰ ਵਧਾਉਣ ਵੱਲ ਧਿਆਨ ਦੇਣ।ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਉਦਯੋਗਾਂ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰ ਰਹੀ ਹੈ।
ਮੁਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਸੂਬਾ ਸਰਕਾਰ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਪ੍ਰਾਜੈਕਟਾਂ ਦੀ ਛੇਤੀ ਪ੍ਰਵਾਨਗੀ ਦੇਣ ਲਈ ਬਹੁਤ ਜਲਦ ਅਸ਼ਟਾਮ ਪੇਪਰਾਂ ਲਈ ਕਲਰ ਕੋਡਿੰਗ ਸ਼ੁਰੂ ਕਰੇਗੀ।ਉਦਯੋਗ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਅਤੇ ਭਿਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਵੀ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਦਯੋਗਪਤੀਆਂ ਨੂੰ ਆਪਣੇ ਪ੍ਰਾਜੈਕਟਾਂ ਲਈ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ ਤੇ ਦਸਤਖ਼ਤ ਕਰਨੇ ਪੈਂਦੇ ਸਨ, ਪਰ ਜਦੋਂ ਤੋਂ ਉਨ੍ਹਾਂ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਹੁਣ ਪੰਜਾਬ ਵਾਸੀਆਂ ਦੇ ਹਿੱਤ ਵਿੱਚ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਪੰਜਾਬ ਵਾਸਤੇ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ।
ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਵਿਅਕਤੀ ਦਾ ਪੁੱਤ ਨੇਕ ਨੀਅਤ ਨਾਲ ਸੂਬੇ ਦੀ ਸੇਵਾ ਕਰ ਰਿਹਾ ਹੈ।ਲੋਕ ਵਿਰੋਧੀ ਤੇ ਪੰਜਾਬ ਵਿਰੋਧੀ ਪੈਂਤੜੇ ਕਾਰਨ ਇਹ ਪਾਰਟੀਆਂ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ, ਜਿਸ ਕਾਰਨ ਉਹ ਨਿਰਾਸ਼ਾ ਦੇ ਦੌਰ ਵਿੱਚੋਂ ਲੰਘ ਰਹੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਸਾਰੀਆਂ ਚੀਜ਼ਾਂ ਉਨ੍ਹਾਂ ਨੂੰ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਪਹਿਲਕਦਮੀਆਂ ਕਰਨ ਤੋਂ ਨਹੀਂ ਰੋਕ ਸਕਦੀਆਂ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਇੰਦਰਬੀਰ ਸਿੰਘ ਨਿੱਝਰ, ਅਨਮੋਲ ਗਗਨ ਮਾਨ, ਹਰਭਜਨ ਸਿੰਘ ਈ.ਟੀ.ਓ, ਲਾਲਜੀਤ ਸਿੰਘ ਭੁੱਲਰ, ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਡਾ. ਅਜੈ ਗੁਪਤਾ, ਡਾ. ਜਸਬੀਰ ਸਿੰਘ, ਦਲਬੀਰ ਸਿੰਘ ਟੌਂਗ, ਸਰਵਨ ਸਿੰਘ ਧੁੰਨ, ਕਸ਼ਮੀਰ ਸਿੰਘ ਸੋਹਲ, ਮਨਜਿੰਦਰ ਸਿੰਘ ਲਾਲਪੁਰਾ, ਮੈਡਮ ਜੀਵਨਜੋਤ ਕੌਰ, ਪਿੰਸੀਪਲ ਸੈਕਟਰੀ ਪਰਮੋਸ਼ਨ ਦਲੀਪ ਕੁਮਾਰ, ਸੀ.ਈ.ਓ. ਪੰਜਾਬ ਬਿਓਰੋ ਆਫ਼ ਇੰਨਵੈਸਟਮੈਟ ਪਰੋਮਸ਼ਨ, ਕਮਲ ਕਿਸ਼ੋਰ ਯਾਦਵ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਪੁਲਿਸ ਕਮਿਸ਼ਨਰ ਜਸਕਰਨ ਸਿੰਘ, ਚੇਅਰਮੈਨ ਕਰਮ ਵਰਮਾ ਤੋਂ ਇਲਾਵਾ ਵੱਡੀ ਗਿਣਤੀ ‘ਚ ਉਦਯੋਗਪਤੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …