ਪ੍ਰਧਾਨ ਮੰਤਰੀ ਮੋਦੀ ਚਾਹੁੰਦੇ ਹਨ ਕਿ ਹਰ ਭਾਈਚਾਰੇ ਨੂੰ ਬਣਦਾ ਮਾਣ ਮਿਲੇ – ਲਾਲਪੁਰਾ
ਨਵੀਂ ਦਿੱਲੀ, 14 ਫਰਵਰੀ (ੋੰਜਾਬ ਪੋਸਟ ਬਿਊਰੋ) – ਘੱਟਗਿਣਤੀ ਭਾਈਚਾਰੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇਕ ਮਹੱਤਵਪੂਰਨ ਨਿਯੁੱਕਤੀ ਕਰਦਿਆਂ ਭਾਰਤ ਸਰਕਾਰ ਦੇ ਕੌਮੀ ਘੱਟਗਿਣਤੀ ਕਮਿਸ਼ਨ ਨੇ ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੂੰ ਸਲਾਹਕਾਰ ਵਜੋਂ ਨਾਮਜ਼ਦ ਕੀਤਾ ਹੈ।ਭਾਰਤ ਸਰਕਾਰ ਦੇ ਅਧੀਨ ਸਕੱਤਰ ਸ਼ਰੀਕ ਸਈਦ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ ਲਈ ਉਨਾਂ ਨੂੰ ਪੱਤਰ ਜਾਰੀ ਕੀਤਾ ਹੈ।ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਨਿਯੁੱਕਤੀ ਉਨ੍ਹਾਂ ਦੀ ਯੋਗਤਾ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।ਪ੍ਰੋ. ਸਰਚਾਂਦ ਸਿੰਘ ਆਪਣੇ ਰਾਜ ਵਿੱਚ ਘੱਟਗਿਣਤੀ ਭਾਈਚਾਰਿਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕਮਿਸ਼ਨ ਨੂੰ ਆਪਣੀਆਂ ਸਲਾਹਾਂ ਦੇਣਗੇ।ਲਾਲਪੁਰਾ ਨੇ ਕਿਹਾ ਕਿ ਮੌਜ਼ੂਦਾ ਸਮੇਂ ਸਿੱਖ ਘੱਟਗਿਣਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਢੁੱਕਵੇਂ ਸਾਧਨਾਂ ਰਾਹੀਂ ਉਠਾਉਣ ਅਤੇ ਉਨ੍ਹਾਂ ਦੇ ਹੱਲ ਦਾ ਰਾਹ ਲੱਭਣ ਦੀ ਸਖ਼ਤ ਲੋੜ ਹੈ।ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਇੱਕੋ ਮਨਸ਼ਾ ਹੈ ਕਿ ਦੇਸ਼ ਦੇ ਹਰ ਕੋਨੇ ਦੇ ਵਿੱਚ ਵੱਸਦੇ ਹਰ ਭਾਈਚਾਰੇ ਦੇ ਲੋਕਾਂ ਨੂੰ ਬਰਾਬਰ ਇਨਸਾਫ਼ ਮਿਲੇ ਅਤੇ ਉਹ ਦੇਸ਼ ਅਤੇ ਸਮਾਜ ਦੀ ਤਰੱਕੀ ‘ਚ ਆਪਣੀ ਅਹਿਮ ਭੂਮਿਕਾ ਨਿਭਾਅ ਸਕਣ।ਜਿਕਰਯੋਗ ਹੈ ਕਿ ਪ੍ਰੋ: ਸਰਚਾਂਦ ਸਿੰਘ ਦਾ ਪਿਛੋਕੜ ਸਿੱਖ ਕੌਮ ਦੀ ਅਹਿਮ ਜਥੇਬੰਦੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਤੇ ਵਿਦਿਆਰਥੀ ਜੀਵਨ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਨਾਲ ਵੀ ਜੁੜਿਆ ਰਿਹਾ। ਉਹ ਫੈਡਰੇਸ਼ਨ ਪ੍ਰਧਾਨ ਵੀ ਰਹੇ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਉਹ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੋਂ ਇਲਾਵਾ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਨ ਚੁੱਘ, ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਕਰਨਲ ਜੈਬੰਸ ਸਿੰਘ ਅਤੇ ਰਜਿੰਦਰਮੋਹਨ ਸਿੰਘ ਛੀਨਾ ਦਾ ਤਹਿ ਦਿਲੋਂ ਧੰਨਵਾਦੀ ਹਨ।ਉਨ੍ਹਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …