ਅੰਮ੍ਰਿਤਸਰ, 16 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਦੇਸ਼ਾਂ ਤੋਂ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ।ਇਹ ਸਹਾਇਤਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਪ੍ਰਵੇਸ਼ ਦੁਆਰ ਵਾਲੇ ਪਾਸੇ ਬਣਾਇਆ ਗਿਆ ਹੈ।ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤੀ ਗਈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੁੰਦੀ ਹੈ, ਜਿਸ ਵਿਚ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਵੀ ਮੌਜੂਦ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਭਾਵੇਂ ਪਹਿਲਾਂ ਹੀ ਸੂਚਨਾ ਕੇਂਦਰ ਸਥਾਪਤ ਹੈ, ਜਿਥੇ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਬਾਰੇ ਵੱਡਮੁੱਲੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।ਪਰ ਹੋਰਨਾਂ ਦੇਸ਼ਾਂ ਦੀ ਸੰਗਤ ਨੂੰ ਭਾਸ਼ਾ ਦੀ ਸਮੱਸਿਆ ਬਣੀ ਰਹਿੰਦੀ ਹੈ।ਇਸ ਲਈ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਜਾਣਕਾਰੀ ਦੇਣ ਲਈ ਵਿਸ਼ੇਸ਼ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਹਾਇਤਾ ਕੇਂਦਰ ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਕਾਰਜ਼ ਕਰੇਗਾ, ਜਿਸ ਤੋਂ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਾਹਾ ਪ੍ਰਾਪਤ ਕਰ ਸਕੇਗੀ।ਇਥੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ, ਇਥੇ ਸਥਿਤ ਹੋਰਨਾਂ ਅਸਥਾਨਾਂ, ਲੰਗਰ, ਸਰਾਵਾਂ ਤੇ ਹੋਰ ਲੋੜੀਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਿਜੈ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਸਿਮਰਜੀਤ ਸਿੰਘ ਕੰਗ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਸ਼ਾਹਬਾਜ਼ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਬਿਕਰਮਜੀਤ ਸਿੰਘ ਝੰਗੀ, ਇਕਬਾਲ ਸਿੰਘ ਮੁਖੀ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ, ਸੂਚਨਾ ਅਧਿਕਾਰੀ ਰਣਧੀਰ ਸਿੰਘ, ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਜਤਿੰਦਰ ਸਿੰਘ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …