ਗੈਰ ਹਾਜ਼ਰ ਕਰਮਚਾਰੀਆਂ ਨੂੰ ਕੀਤੀ ਸਖਤ ਤਾੜਨਾ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦਫਤਰ ਮੁੱਖ ਖੇਤੀਬਾੜੀ ਰਣਜੀਤ ਐਵੀਨਿਊ, ਬੀ:ਡੀ:ਪੀ:ਓ ਵੇਰਕਾ, ਬੀ:ਡੀ:ਪੀ:ਓ ਚੋਗਾਵਾਂ ਅਤੇ ਭਲਾ ਖੰਡ ਮਿਲ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਡਿਊਟੀ ‘ਤੇ ਗੈਰ ਹਾਜ਼ਰ ਕਰਮਚਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਉਹ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਆਪਣੀ ਡਿਊਟੀ ਤੇ ਹਾਜਰ ਰਹਿਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਅਮਲ ਲਿਆਂਦੀ ਜਾਵੇਗੀ।
ਧਾਲੀਵਾਲ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਹਾਜ਼ਰੀ ਯਕੀਨੀ ਬਣਾਉਣ।ਸਰਕਾਰੀ ਦਫਤਰਾਂ ਵਿੱਚ ਦੂਰ ਦੁਰਾਡੇ ਤੋਂ ਲੋਕ ਆਪਣਾ ਕੰਮ ਕਰਵਾਉਣ ਲਈ ਪਹੁੰਚ ਕਰਦੇ ਹਨ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਗੈਰਹਾਜ਼ਰੀ ਦੀ ਸੂਰਤ ‘ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਸਰਕਾਰ ਦੇ ਅਕਸ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਪਾਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਭ੍ਰਿਸ਼ਟਾਚਾਰ ’ਤੇ ਜੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰ ਰਹੀ ਹੈ।
ਧਾਲੀਵਾਲ ਨੇ ਦੱਸਿਆ ਕਿ ਸਰਕਾਰੀ ਦਫਤਰਾਂ ਵਿੱਚ ਸਾਡੀ ਸਰਕਾਰ ਵਲੋਂ ਤੇਜ਼ੀ ਨਾਲ ਭਰਤੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 26000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਸਰਕਾਰੀ ਕਰਮਚਾਰੀਆਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਕਰਮਚਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਅਨੁਸਾਸ਼ਨ ਵਿੱਚ ਰਹਿ ਕੇ ਆਪਣੀ ਡਿਊਟੀ ਕਰਨ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ।ਧਾਲੀਵਾਲ ਵਲੋਂ ਸਰਕਾਰੀ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਦਾ ਭਰੋਸਾ ਵੀ ਦਿੱਤਾ।