ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-
ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ।ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੀ-20 ਦੇ ਸਬੰਧ ਵਿੱਚ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜ਼ਾਂ ‘ਤੇ ਤਕਰੀਬਨ 11.46 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਅੰਮ੍ਰਿਤਸਰ ਸ਼ਹਿਰ ‘ਚ ਸਟਰੀਟ ਲਾਈਟਾਂ ਲਗਾਉਣ ਅਤੇ ਬਦਲਣ ਲਈ ਤਕਰੀਬਨ 4.97 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਵਿੱਚ 5 ਸਾਲਾਂ ਦੇ ਸਮੇਂ ਲਈ ਸਟਰੀਟ ਲਾਈਟਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਸ਼ਾਮਲ ਹੋਵੇਗਾ।
ਉਨ੍ਹਾਂ ਕਿਹਾ ਕਿ ਤਕਰੀਬਨ 6.49 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ‘ਚ ਢਪੱਈ ਰੋਡ ਨੂੰ ਰੇਲਵੇ ਕਰਾਸਿੰਗ ਤੋਂ ਗੰਦੇ ਨਾਲੇ ਤੱਕ ਅਤੇ ਕੋਟ ਖਾਲਸਾ ਤੋਂ ਬੋਹੜੀ ਸਾਹਿਬ ਸੜਕ ਦੇ ਪਾਸੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਸੜਕ ਨੂੰ ਚੌੜਾ ਕਰਨ ਦਾ ਕੰਮ ਕੀਤਾ ਜਾਵੇਗਾ।ਇਸੇ ਤਰ੍ਹਾਂ ਹੀ, ਵਾਰਡ ਨੰਬਰ 28,69,74 ਅਤੇ 83 ਦੀਆਂ ਵੱਖ-ਵੱਖ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ, ਪਾਰਕਾਂ ਦੇ ਸੁੰਦਰੀਕਰਨ ਤੋਂ ਇਲਾਵਾ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾਣਗੇ।
ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ।ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।
Punjab Post Daily Online Newspaper & Print Media