28 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜ਼ਟ ਇਜਲਾਸ
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜੁਆਨ ਵਿਦਿਆਰਥੀਆਂ ਨੂੰ ਆਈ.ਏ.ਐਸ, ਆਈ.ਪੀ.ਐਸ ਅਤੇ ਪੀ.ਸੀ.ਐਸ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਚੰਡੀਗੜ੍ਹ ਵਿਖੇ ਨਿਸ਼ਚੈ ਅਕੈਡਮੀ ਖੋਲ੍ਹੀ ਗਈ ਹੈ, ਜਿਸ ਦਾ ਚੰਡੀਗੜ੍ਹ ਦੇ ਇੱਕ ਇੰਸਟੀਚਿਊਟ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ।ਇਸ ਤਹਿਤ ਹਰ ਸਾਲ 25 ਗੁਰਸਿੱਖ ਬੱਚਿਆਂ ਦਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਇਆ ਕਰੇਗਾ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਥੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ 25 ਗੁਰਸਿੱਖ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਉਕਤ ਅਕੈਡਮੀ ਅੰਦਰ ਮੈਰਿਟ ਅਨੁਸਾਰ ਤਿਆਰੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਹੈ।ਇਹ ਕਾਰਜ਼ ਇਸੇ 1 ਅਪ੍ਰੈਲ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਹਰ ਸਾਲ ਜਾਰੀ ਰਹੇਗਾ।ਉਨ੍ਹਾਂ ਦੱਸਿਆ ਕਿ ਇਸ ਵਾਰ 25 ਬੱਚਿਆਂ ਤੋਂ ਇਲਾਵਾ 10 ਹੋਰ ਬੱਚਿਆਂ ਦਾ ਯੂਨਾਈਟਡ ਸਿੰਘ ਸਭਾ ਫਾਊਂਡੇਸ਼ਨ ਦੇ ਆਗੂ ਭਾਈ ਰਾਮ ਸਿੰਘ ਵੱਲੋਂ ਖਰਚਾ ਚੁੱਕਣ ਦੀ ਸਹਿਮਤੀ ਦਿੱਤੀ ਗਈ ਹੈ, ਜਿਸ ਅਨੁਸਾਰ ਪਹਿਲੇ ਸਾਲ 35 ਗੁਰਸਿੱਖ ਬੱਚੇ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਇਸ ਦਾ ਮੰਤਵ ਗੁਰਸਿੱਖ ਬੱਚਿਆਂ ਨੂੰ ਉੱਚ ਅਹੁੱਦਿਆਂ ’ਤੇ ਪਹੁੰਚਾਉਣਾ ਹੈ।
ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਸੱਦਣ ਦਾ ਫੈਸਲਾ ਹੋਇਆ ਹੈ।ਬਜ਼ਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1.00 ਵਜੇ ਹੋਵੇਗਾ।ਇਸ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਟਰੱਸਟ, ਜਨਰਲ ਬੋਰਡ ਫੰਡ, ਗੁਰਦੁਆਰਾ ਸਾਹਿਬਾਨ, ਪ੍ਰੈਸਾਂ ਅਤੇ ਵਿਦਿਅਕ ਅਦਾਰਿਆਂ ਆਦਿ ਦਾ ਬਜ਼ਟ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਬਜਟ ਸਬੰਧੀ ਬਣਾਈ ਗਈ ਸਬ-ਕਮੇਟੀ ਨੇ ਆਪਣੀਆਂ ਸਿਫਾਰਸ਼ਾਂ ਦੇ ਦਿੱਤੀਆਂ ਹਨ, ਜਿਸ ਅਨੁਸਾਰ ਬਜਟ ਤਰਜ਼ੀਹਾਂ ਨਿਰਧਾਰਤ ਕੀਤੀਆਂ ਜਾਣਗੀਆਂ।
ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਤੇ ਮਲਕੀਤ ਸਿੰਘ ਚੰਗਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਸੁਪਰਡੈਂਟ ਮਲਕੀਤ ਸਿੰਘ, ਇੰਚਾਰਜ ਹਰਭਜਨ ਸਿੰਘ ਵਕਤਾ, ਤੇ ਜਤਿੰਦਰਪਾਲ ਸਿੰਘ ਹਾਜ਼ਰ ਸਨ।