ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਨਹਿਰੂ ਯੂਵਾ ਕੇਂਦਰ ਵਲੋਂ ਭਾਰਤ ਸਰਕਾਰ ਵਲੋਂ ਵੱਖ-ਵੱਖ ਰਾਜਾਂ ਦੇ ਲੋਕਾਂ ਦੇ ਆਪਸੀ ਸਬੰਧ ਵਧਾਉਣ ਦੇ ਮੰਤਵ ਨਾਲ ਅਤੇ ਉਨਾਂ ਦੀ ਭਾਸ਼ਾ, ਸੱਭਿਆਚਾਰ, ਸਮਾਜਿਕ ਸਥਿਤੀ ਨੂੰ ਜਾਨਣ ਦੇ ਉਦੇਸ਼ ਨਾਲ 14ਵਾਂ ਯੁਵਾ ਆਦਿਵਾਸੀ ਆਦਾਨ-ਪ੍ਰਦਾਨ ਸਮਾਗਮ 21 ਤੋਂ 27 ਮਾਰਚ ਤੱਕ ਖਾਲਸਾ ਕਾਲਜ ਆਫ਼ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਅੰਮਿ੍ਰਤਸਰ ਵਿਖੇ ਹੋਵੇਗਾ।
ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਚਾਰ ਰਾਜਾਂ (ਛੱਤੀਸਗੜ੍ਹ, ਝਾਰਖੰਡ, ਉੜੀਸਾ ਅਤੇ ਮਹਾਰਾਸ਼ਟਰਾ) ਦੇ 11 ਜਿਲ੍ਹਿਆਂ ਦੇ 200 ਨੌਜਵਾਨ ਹਿੱਸਾ ਲੈ ਰਹੇ ਹਨ।ਉਨਾਂ ਦੱਸਿਆ ਕਿ ਇਨਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਵਿਖੇ ਵੱਖ-ਵੱਖ ਥਾਵਾਂ ਦਾ ਦੌਰਾ ਕਰਵਾਇਆ ਜਾਵੇਗਾ ਅਤੇ ਇਹ ਨੌਜਵਾਨ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਰੂਬਰੂ ਵੀ ਹੋਣਗੇ।ਜਿਥੇ ਉਨਾਂ ਨੂੰ ਅੰਮ੍ਰਿਤਸਰ ਦੇ ਰਹਿਣ ਸਹਿਣ, ਖਾਣ ਪੀਣ ਅਤੇ ਸੱਭਿਆਚਾਰ ਦਾ ਪਤਾ ਲਗੇਗਾ, ਉਥੇ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੂੰ ਵੀ ਉਨਾਂ ਦੇ ਸੱਭਿਆਚਾਰ ਦਾ ਪਤਾ ਲਗੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਮਾਗਮ ਦੀ ਸਫ਼ਲਤਾ ਲਈ ਵੱਧ-ਚੜ੍ਹ ਕੇ ਕੰਮ ਕਰਨ।ਇਸ ਮੀਟਿੰਗ ਵਿੱਚ ਐਸ.ਡੀ.ਐਮ. ਬਾਬਾ ਬਕਾਲਾ ਮੈਡਮ ਅਲਕਾ ਕਾਲੀਆ, ਜਿਲ੍ਹਾ ਯੂਥ ਅਫ਼ਸਰ ਨਹਿਰੂ ਯੁਵਾ ਕੇਂਦਰ ਮੈਡਮ ਆਕਾਂਸ਼ਾ ਮਹਾਵਰੀਆ, ਡਿਪਟੀ ਡਾਇਰੈਕਟਰ ਰੋਜ਼ਗਾਰ ਵਿਕਰਮਜੀਤ ਸਿੰਘ, ਜਿਲ੍ਹਾ ਗਾਇਡੈਂਸ ਅਫ਼ਸਰ ਜਸਬੀਰ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …