Thursday, July 3, 2025
Breaking News

ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦਾ ਅੰਮ੍ਰਿਤਸਰ ਪੁੱਜਣ ‘ਤੇ ਕੀਤਾ ਸਵਾਗਤ

ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ‘ਤੇ ਸਵਾਗਤ ਕੀਤਾ।
ਮੁੱਖ ਮੰਤਰੀ ਨੇ ਇੱਕ ਦਿਨਾ ਦੌਰੇ ‘ਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਮੁਰਮੂ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ।ਪੰਜਾਬ ਆਉਣ ‘ਤੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ ਦੀ ਧਰਤੀ ਹੈ।ਉਨ੍ਹਾਂ ਰਾਸ਼ਟਰਪਤੀ ਨੂੰ ਦੱਸਿਆ ਕਿ ਪੰਜਾਬ ਦੀ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਬਾਰੇ ਸਿਰਫ਼ ਇਥੇ ਆ ਕੇ ਹੀ ਜਾਣਿਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਰਾਸ਼ਟਰਪਤੀ ਆਪਣੇ ਦੌਰੇ ਦੌਰਾਨ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਾਮੱਤੀ ਅਮੀਰ ਵਿਰਾਸਤ ਨੂੰ ਮਹਿਸੂਸ ਕਰਨਗੇ।ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਇੱਕ ਯਾਦਗਾਰੀ ਮੌਕਾ ਹੈ ਅਤੇ ਸਮੁੱਚਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਸੂਬੇ ਵਿੱਚ ਪੁੱਜਣ ‘ਤੇ ਤਹਿ-ਦਿਲੋਂ ਸਵਾਗਤ ਕਰਦਾ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਇਸ ਧਰਤੀ ‘ਤੇ ਦੇਸ਼ ਦੇ ਰਾਸ਼ਟਰਪਤੀ ਦੇ ਇਥੇ ਪੁੱਜਣ ‘ਤੇ ਸੂਬਾ ਸਰਕਾਰ ਮਾਣ-ਮਹਿਸੂਸ ਕਰਦੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕੀਤੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …