ਕਣਕ ਦੀ ਰਹਿੰਦ ਖੂੰਹਦ ਦੇ ਯੋਗ ਪ੍ਰਬੰਧਨ ਅਤੇ ਖੇਤੀ ਮਸ਼ੀਨਰੀ ਦੀ ਉਪਲੱਬਧਾ ਬਾਰੇ ਕਰਵਾਇਆ ਜਾਣੂ
ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ
‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸਮੂਹ ਸਬ ਡਵੀਜ਼ਨਾਂ ਵਿਖੇ ਹਰ ਹਫ਼ਤੇ ਸੁਵਿਧਾ ਕੈਂਪ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ।ਇਸੇ ਤਹਿਤ ਅੱਜ ਐਸ.ਡੀ.ਐਮ ਸੂਬਾ ਸਿੰਘ ਦੀ ਅਗਵਾਈ ਹੇਠ ਸਬ ਡਵੀਜ਼ਨ ਮੂਨਕ ਦੇ ਪਿੰਡ ਕਰੌਂਦਾ ਅਤੇ ਐਸ.ਡੀ.ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡ ਬਘਰੌਲ ਵਿਖੇ ਸੁਵਿਧਾ ਕੈਂਪਾਂ ਦਾ ਆਯੋਜਨ ਵੱਡੀ ਗਿਣਤੀ ਲੋਕਾਂ ਲਈ ਵਰਦਾਨ ਸਾਬਤ ਹੋਇਆ।ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲੋਕਾਂ ਤੱਕ ਸਿੱਧੀ ਪਹੁੰਚ ਯਕੀਨੀ ਬਣਾਉਣ ਦੀ ਇਸ ਮੁਹਿੰਮ ਦੀ ਨਿਗਰਾਨੀ ਖੁੱਦ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਕੀਤੀ ਜਾ ਰਹੀ ਹੈ।
ਇਨ੍ਹਾਂ ਕੈਂਪਾਂ ਦੌਰਾਨ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਹੀ ਪਿੰਡਾਂ ਵਿੱਚ ਜਾ ਕੇ ਪਹੁੰਚਾਉਣ ਲਈ ਜਿਥੇ ਉਚ ਪ੍ਰਸ਼ਾਸਨਿਕ ਅਧਿਕਾਰੀ ਜੁਟੇ ਰਹੇ ਉਥੇ ਹੀ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਦੁਆਰਾ ਕਿਸਾਨਾਂ ਨੂੰ ਦੋਵੇਂ ਵਿਭਾਗਾਂ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਬਾਰੇ ਵਿਸਥਾਰਤ ਜਾਣਕਾਰੀ ਦੇਣ ਦੇ ਨਾਲ ਨਾਲ ਕਣਕ ਦੀ ਕਟਾਈ ਮਗਰੋਂ ਨਾੜ ਨਾ ਸਾੜਨ ਬਾਰੇ ਵੀ ਜਾਗਰੂਕ ਕਰਨ ਵਿੱਚ ਸਾਰਥਕ ਭੂਮਿਕਾ ਨਿਭਾਈ ਗਈ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਪਿੰਡ-ਪਿੰਡ ਜਾ ਕੇ ਵਿਭਾਗ ਤੇ ਸਹਿਕਾਰੀ ਸੁਸਾਇਟੀ ਕੋਲ ਉਪਲਬਧ ਖੇਤੀ ਸੰਦਾਂ ਤੇ ਮਸ਼ੀਨਰੀ ਨੂੰ ਪ੍ਰਾਪਤ ਕਰਨ ਦੇ ਤਰੀਕਿਆਂ, ਮਸੀਨਰੀ ਦੀ ਵਰਤੋਂ ਕਰਨ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਸੁਚੇਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਦੇ ਆਯੋਜਨ ਮੌਕੇ ਪਹਿਲਾਂ ਤੋਂ ਹੀ ਪਿੰਡਾਂ ਵਿੱਚ ਲੋਕ ਇਕੱਤਰ ਹੁੰਦੇ ਹਨ ਅਤੇ ਅਜਿਹੇ ਸਾਂਝੇ ਪਲੇਟਫਾਰਮ ’ਤੇ ਕਿਸਾਨਾਂ ਦੀ ਸੁਵਿਧਾ ਲਈ ਇਹ ਚੇਤਨਾ ਪੈਦਾ ਕਰਨਾ ਭਵਿੱਖ ਵਿੱਚ ਕਿਸਾਨ ਵੀਰਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।
Punjab Post Daily Online Newspaper & Print Media