Monday, December 23, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਗਾਉਣ ਦਾ ਕਾਰਜ਼ ਸ਼ੁਰੂ

ਮੁਰੰਮਤ ਉਪਰੰਤ ਮੁੜ ਲਗਾਏ ਜਾ ਰਹੇ ਹਨ ਇਹ ਸੁਨਹਿਰੀ ਪੱਤਰੇ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ਼ ਕੀਤਾ ਹੈ।ਅਰਦਾਸ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਪਰਮਜੀਤ ਸਿੰਘ ਖਾਲਸਾ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਅਤੇ ਸਕੱਤਰ ਪ੍ਰਤਾਪ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।
ਪ੍ਰਧਾਨ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ਼ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ।ਉਨ੍ਹਾਂ ਕਿਹਾ ਕਿ ਨਮੀ ਦੇ ਕਾਰਨ ਸੁਨਹਿਰੀ ਪੱਤਰੇ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਹੂ ਬ ਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ।ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ਼ ਵੀ ਜਾਰੀ ਹੈ।ਸੇਵਾ ਦੌਰਾਨ ਮੀਨਾਕਾਰੀ ਅਤੇ ਸੋਨੇ ਦੀ ਪੱਤਰਿਆਂ ਦੀ ਵੀਡੀਓਗ੍ਰਾਫੀ ਕਰਕੇ ਬਰੀਕੀ ਨਾਲ ਸੇਵਾ ਕਾਰਜ਼ ਕੀਤੇ ਗਏ ਹਨ।ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਭਾਈ ਇੰਦਰਜੀਤ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਹਾਲਵਾਂ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਬਘੇਲ ਸਿੰਘ, ਨਿਸ਼ਾਨ ਸਿੰਘ, ਐਸ.ਡੀ.ਓ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਭਾਈ ਸੁਮਿੰਦਰ ਸਿੰਘ, ਡਾ. ਜਸਵੰਤ ਸਿੰਘ, ਭਾਈ ਰਵਿੰਦਰ ਸਿੰਘ ਆਦਿ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …