Sunday, December 22, 2024

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਹਾੜੇ ਵਜੋਂ ਮਨਾਉਂਦਿਆਂ ਇਥੇ ਸਥਿਤ ਗੁਰੂ ਕੇ ਬਾਗ ਵਿਖੇ ਬੂਟੇ ਲਗਾਏ ਗਏ।ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਸੁਖਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਸਥਿਤ ਗੁਰੂ ਕੇ ਬਾਗ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਬੂਟੇ ਲਗਾਏ।ਐਡਵੋਕੇਟ ਧਾਮੀ ਨੇ ਕਿਹਾ ਕਿ ਸੱਤਵੇਂ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਦੀ ਭਲਾਈ ਲਈ ਅਤਿ ਅਹਿਮ ਪ੍ਰੇਰਣਾ ਦੇ ਰੂਪ ਵਿਚ ਮਾਰਗ ਦਰਸ਼ਕ ਹੈ ਅਤੇ ਸਭ ਦਾ ਫ਼ਰਜ਼ ਹੈ ਕਿ ਇਸ ਸੁਨੇਹੇ ਨੂੰ ਅੱਗੇ ਵਧਾਇਆ ਜਾਵੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਕਾਰਜਸ਼ੀਲ ਹੈ।ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਇਕ-ਇਕ ਏਕੜ ਦੇ ਬਾਗ ਲਗਾਉਣ ਦੀ ਪਰਕਿਰਿਆ ਜਾਰੀ ਹੈ।ਹੁਣ ਤੱਕ ਅਨੇਕਾਂ ਗੁਰਦੁਆਰਾ ਸਾਹਿਬਾਨ ਅੰਦਰ ਇਸ ਫੈਸਲੇ ਨੂੰ ਅਮਲ ਵਿਚ ਲਿਆਂਦਾ ਜਾ ਚੁੱਕਾ ਹੈ ਅਤੇ ਸਾਲ ਪੁੰਗਾਰੇ ਦੀ ਰੁੱਤ ਅੰਦਰ ਇਸ ਵਿਚ ਵਾਧਾ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਹ ਗੁਰੂ ਕਾ ਬਾਗ ਵਿਖੇ ਵੱਖ-ਵੱਖ ਤਰ੍ਹਾਂ ਦੇ ਬੂਟੇ ਅਤੇ ਸੈਂਕੜੇ ਕਿਸਮ ਦੇ ਗੁਲਾਬ ਵਾਤਾਵਰਣ ਸੰਭਾਲ ਲਹਿਰ ਨੂੰ ਉਤਸ਼ਾਹਤ ਕਰਨ ਦਾ ਸੁਨੇਹਾ ਦਿੰਦੇ ਹਨ।ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਗੁਰਤਾਗੱਦੀ ਦਿਹਾੜੇ ਦੀ ਵਧਾਈ ਦਿੰਦਿਆਂ ਵੱਧ ਤੋਂ ਵੱਧ ਰੁੱਖ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਜਗਤਾਰ ਸਿੰਘ, ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਰਾਜਿੰਦਰ ਸਿੰਘ ਰੂਬੀ, ਐਸ.ਡੀ.ਓ ਜਤਿੰਦਰਪਾਲ ਸਿੰਘ ਤੇ ਸੁਖਜਿੰਦਰ ਸਿੰਘ, ਸੁਰਜੀਤ ਸਿੰਘ ਠੀਕਰੀਵਾਲ ਆਦਿ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …