Monday, October 7, 2024

ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਦਾ ਬਜ਼ਟ ਜੈਕਾਰਿਆਂ ਦੀ ਗੂੰਜ ’ਚ ਪਾਸ

ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ ’ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ- ਧਾਮੀ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜ਼ਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।ਬਜ਼ਟ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।
ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਬਜਟ ਭਾਸ਼ਣ ਵਿਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਵੱਖ-ਵੱਖ ਭਵਿੱਖੀ ਕਾਰਜ਼ਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਅਰਸੇ ਵਿਚ ਕੀਤੇ ਗਏ ਪੰਥਕ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਤਫਤੀਸ ਸਾਂਝੀ ਕੀਤੀ।ਇਹ ਪਹਿਲੀ ਵਾਰ ਸੀ ਕਿ ਸ਼੍ਰੋਮਣੀ ਕਮੇਟੀ ਦੇ ਬਜ਼ਟ ਇਜਲਾਸ ਦੌਰਾਨ ਲਗਾਈ ਵੱਡ ਅਕਾਰੀ ਸਕਰੀਨ ’ਤੇ ਨਾਲੋ-ਨਾਲ ਵੇਰਵੇ ਨਸ਼ਰ ਕੀਤੇ ਜਾਂਦੇ ਰਹੇ।
ਬਜ਼ਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜ਼ਟ ਵਿਚ ਇਸ ਵਾਰ ਬੀਤੇ ਵਰ੍ਹੇ ਨਾਲੋਂ 17 ਫੀਸਦੀ ਵਾਧਾ ਦਰਜ਼ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜ਼ਟ 9 ਅਰਬ 88 ਕਰੋੜ ਰੁਪਏ ਦੇ ਲਗਪਗ ਸੀ, ਜਦਕਿ ਇਸ ਵਾਰ 11 ਅਰਬ 38 ਕਰੋੜ ਰੁਪਏ ਦਾ ਅਨੁਮਾਨ ਹੈ।ਐਡਵੋਕੇਟ ਧਾਮੀ ਨੇ ਦੱਸਿਆ ਕਿ ਪਾਸ ਕੀਤੇ ਗਏ ਬਜਟ ਵਿਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈਸਾਂ ਆਦਿ ਸ਼ਾਮਲ ਹਨ।ਕੁੱਲ ਬਜ਼ਟ ਵਿੱਚੋਂ ਗੁਰਦੁਆਰਾ ਸਾਹਿਬਾਨ ਦਾ ਬਜਟ 8 ਅਰਬ 55 ਕਰੋੜ ਰੁਪਏ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਬਜ਼ਟ ਦਾ ਅਧਾਰ ਸੰਗਤਾਂ ਵੱਲੋਂ ਗੁਰੂ ਘਰਾਂ ਵਿਚ ਚੜ੍ਹਾਈ ਜਾਂਦੀ ਭੇਟਾ ਹੈ, ਜਿਸ ਅਨੁਸਾਰ ਸਲਾਨਾ ਖਰਚੇ ਨਿਰਧਾਰਤ ਕੀਤੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਇਸ ਬਜਟ ਵਿਚ ਭਵਿੱਖੀ ਯੋਜਨਾਵਾਂ ਤਹਿਤ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਲਈ 1 ਕਰੋੜ ਰੁਪਏ, ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਕੇਂਦਰ ਸਥਾਪਤ ਕਰਨ ਲਈ 7 ਕਰੋੜ 9 ਲੱਖ ਰੁਪਏ, ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬਾਨ ਵਿਖੇ ਸੋਲਰ ਪਲਾਂਟ ਲਗਾਉਣ ਲਈ 4 ਕਰੋੜ 72 ਲੱਖ ਰੁਪਏ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਵੀਆਂ ਸਰਾਵਾਂ ਲਈ 24 ਕਰੋੜ ਰੁਪਏ, ਭਾਈਚਾਰਕ ਭਲਾਈ ਲੈਬ ਅਤੇ ਦਵਾਖਾਨੇ ਲਈ 60 ਲੱਖ ਰੁਪਏ, ਪੰਥਕ ਮਾਮਲਿਆਂ ਅਤੇ ਮੁਕੱਦਮਿਆਂ ਲਈ 1 ਕਰੋੜ 80 ਲੱਖ ਰੁਪਏ, ਧਰਮ ਅਰਥ ਫੰਡ ਅਤੇ ਪੰਥਕ ਭਲਾਈ ਫੰਡ ਵਾਸਤੇ 3 ਕਰੋੜ 69 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 11 ਲੱਖ ਰੁਪਏ, ਗੁਰਸਿੱਖ ਵਿਦਿਆਰਥੀਆਂ ਦੀ ਵਿਦਿਆ ਲਈ 1 ਕਰੋੜ 70 ਲੱਖ ਰੱਖੇ ਗਏ ਹਨ। ਇਸੇ ਤਰ੍ਹਾਂ ਪੰਜਾਬ ਤੋਂ ਬਾਹਰਲੇ ਰਾਜਾਂ ਵਿਚ ਸਿੱਖੀ ਪ੍ਰਚਾਰ ਵਾਸਤੇ 3 ਕਰੋੜ 70 ਲੱਖ ਰੁਪਏ, ਆਉਣ ਵਾਲੀਆਂ ਸ਼ਤਾਬਦੀਆਂ ਲਈ 2 ਕਰੋੜ ਰੁਪਏ, ਗੁਰਮਤਿ ਸਮਾਗਮਾਂ ਲਈ 2 ਕਰੋੜ 50 ਲੱਖ ਰੁਪਏ, ਖੇਡ ਅਕੈਡਮੀਆਂ ਲਈ 3 ਕਰੋੜ 5 ਲੱਖ ਰੁਪਏ ਖਰਚ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੇਸਾਂ ਦੀ ਪੈਰਵਾਈ ਲਈ ਦੇ ਨਾਲ-ਨਾਲ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗਰੀਬ ਵਿਦਿਆਰਥੀਆਂ, ਅੰਮ੍ਰਿਤਧਾਰੀ ਬੱਚਿਆਂ ਨੂੰ ਵਜੀਫੇ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਵੀ ਬਜਟ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਭਵਿੱਖੀ ਯੋਜਨਾਵਾਂ ਵਿਚ ਸਿੱਖ ਮਸਲਿਆਂ ਦੀ ਪੈਰਵਾਈ, ਧਰਮ ਪ੍ਰਚਾਰ, ਲੋਕ ਭਲਾਈ ਕਾਰਜ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪ੍ਰਚਾਰ ਪ੍ਰਸਾਰ ਦੀਆਂ ਤਰਜ਼ੀਹਾਂ ਸ਼ਾਮਲ ਹਨ।ਵਿਸ਼ੇਸ਼ ਤੌਰ ‘ਤੇ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਵਿੱਚ ਲਿਆਉਣ ਲਈ ਖੋਲ੍ਹੀ ਗਈ ਅਕੈਡਮੀ ਦਾ ਜ਼ਿਕਰ ਕੀਤਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਅਕੈਡਮੀ ਵਿਚ ਹਰ ਸਾਲ 25 ਬੱਚਿਆਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਇਆ ਕਰੇਗੀ, ਜਿਸ ਤਹਿਤ ਇਸ ਵਾਰ ਦੇ ਬਜਟ ਵਿਚ ਪਹਿਲੇ ਸਾਲ ਲਈ 1 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ ਉਨ੍ਹਾਂ ਕਿਹਾ ਕਿ ਇਸ ਤਰਜੀਹ ਲਈ ਸ਼੍ਰੋਮਣੀ ਕਮੇਟੀ ਸੰਗਤ ਨੂੰ ਵੀ ਪ੍ਰੇਰ ਰਹੀ ਹੈ, ਜਿਸ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ।ਉਨ੍ਹਾਂ ਜ਼ਿਕਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਨੂੰ ਪੈਰਾਂ ਸਿਰ ਕਰਨ ਲਈ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ ਹੈ ਅਤੇ ਜਲਦ ਹੀ ਇਨ੍ਹਾਂ ਨੂੰ ਸਵੈ-ਨਿਰਭਰ ਦੀ ਸਥਿਤੀ ਵਿਚ ਲਿਆਂਦਾ ਜਾਵੇਗਾ।ਵਿਦਿਅਕ ਅਦਾਰਿਆਂ ਲਈ ਸਰਕਾਰ ਵੱਲੋਂ ਐਸ.ਸੀ ਸਕਾਲਰਸ਼ਿਪ ਰੋਕਣ ਅਤੇ ਏਡਿਡ ਪੋਸਟਾਂ ਪੁਰ ਨਾ ਕਰਨ ਦੀ ਕਰੜੀ ਆਲੋਚਨਾ ਵੀ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਸਵੈ-ਨਿਰਭਰ ਹੋਣ ਦਾ ਇਕ ਵੱਡਾ ਕਾਰਨ ਸਰਕਾਰ ਵੱਲੋਂ ਬਣਦੇ ਫੰਡ ਨਾ ਜਾਰੀ ਕਰਨਾ ਹੈ।ਉਨ੍ਹਾਂ ਕਿਹਾ ਕਿ ਫਿਰ ਵੀ ਸ਼੍ਰੋਮਣੀ ਕਮੇਟੀ ਵਿਦਿਅਕ ਸੇਵਾਵਾਂ ਦਿੰਦਿਆਂ ਪੰਜਾਬ ਸਰਕਾਰ ਦੇ ਮੁਕਾਬਲੇ ਦਾ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ, ਸਿੱਖੀ ਪ੍ਰਚਾਰ ਅਤੇ ਸਿੱਖ ਮਸਲਿਆਂ ਦੀ ਪੈਰਵਾਈ ਦੇ ਮਾਮਲੇ ਵਿਚ ਨਿਰੰਤਰ ਆਪਣੀ ਜ਼ੁੰਮੇਵਾਰੀ ਨਿਭਾ ਰਹੀ ਹੈ ਅਤੇ ਭਵਿੱਖ ਵਿਚ ਵੀ ਵਚਨਬੱਧ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦੇ ਬਜਟ ਸਬੰਧੀ ਗੱਲ ਕਰਦਿਆਂ ਦੱਸਿਆ ਕਿ ਇਸ ਵਾਰ ਹਰਿਆਣਾ ਵਿਚਲੇ ਗੁਰ-ਅਸਥਾਨਾਂ ਲਈ ਵੱਖਰੇ ਤੌਰ ’ਤੇ 57 ਕਰੋੜ 11 ਲੱਖ ਰੁਪਏ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰਾਂ ਦੀ ਮੰਦ-ਮਨਸ਼ਾ ਕਰਕੇ ਇਨ੍ਹਾਂ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸੋਂ ਜਬਰੀ ਹਥਿਆ ਲਿਆ ਗਿਆ ਹੈ, ਪਰੰਤੂ ਫਿਰ ਵੀ ਸ਼੍ਰੋਮਣੀ ਕਮੇਟੀ ਨੇ ਇਸ ਲਈ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਾਹਿਬਾਨ ਸਿੱਖ ਗੁਰਦੁਆਰਾ ਐਕਟ 1925 ਦੀ ਭਾਵਨਾ ਦੇ ਅੰਤਰਗਤ ਅੱਜ ਵੀ ਨੋਟੀਫਾਈ ਹਨ ਅਤੇ ਸਰਕਾਰ ਨੂੰ ਇਸ ਦਾ ਪ੍ਰਬੰਧ ਨੁਮਾਇੰਦਾ ਸ਼੍ਰੋਮਣੀ ਕਮੇਟੀ ਨੂੰ ਵਾਪਸ ਦੇਣਾ ਚਾਹੀਦਾ ਹੈ।

ਬਜਟ ਇਜਲਾਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕੀਤਾ ਸੰਬੋਧਨ
ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਮਾਮਲਿਆਂ ’ਤੇ ਸੰਬੋਧਨ ਕਰਦਿਆਂ ਆਪਣੇ ਸੁਝਾਅ ਪੇਸ਼ ਕੀਤੇ। ਬਜਟ ਇਜਲਾਸ ਦੀ ਆਰੰਭਤਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਛੜ ਚੁੱਕੀਆਂ ਸ਼ਖ਼ਸੀਅਤਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮੂਲਮੰਤਰ ਦਾ ਜਾਪ ਕੀਤਾ। ਇਜਲਾਸ ਦੌਰਾਨ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਬਜਟ ਭਾਸ਼ਣ ਦੇਣ ਉਪਰੰਤ ਐਡਵੋਕੇਟ ਧਾਮੀ ਵੱਲੋਂ ਵੱਖ-ਵੱਖ ਪੰਥਕ ਮਸਲਿਆਂ ਸਬੰਧੀ ਮਤੇ ਪੜ੍ਹੇ ਗਏ।ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਮਿੱਠੂ ਸਿੰਘ ਕਾਹਨੇਕੇ, ਬਾਬਾ ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਬੈਂਸ, ਬੀਬੀ ਗੁਰਪ੍ਰੀਤ ਕੌਰ, ਅਮਰੀਕ ਸਿੰਘ ਸ਼ਾਹਪੁਰ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਉਠਾਏ ਗਏ ਮਾਮਲਿਆਂ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮੌਕੇ ’ਤੇ ਹੀ ਤਰਕ ਸਹਿਤ ਜਵਾਬ ਦਿੱਤੇ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸਿੱਖ ਮਸਲਿਆਂ ’ਤੇ ਲਿਆਂਦੇ ਗਏ ਮਤਿਆਂ ਦੀ ਵੱਖ-ਵੱਖ ਬੁਲਾਰਿਆਂ ਨੇ ਪ੍ਰੋੜਤਾ ਕੀਤੀ ਅਤੇ ਇਨ੍ਹਾਂ ਨੂੰ ਲਾਗੂ ਕਰਨ ਪ੍ਰਤੀ ਹਰ ਪੱਧਰ ’ਤੇ ਸਹਿਯੋਗ ਦੇਣ ਦੀ ਗੱਲ ਵੀ ਆਖੀ।

Check Also

ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …