ਅਧਿਕਾਰੀ ਕਰ ਰਹੇ ਹਨ ਉਨ੍ਹਾਂ ਦੇ ਘਰਾਂ ਤੱਕ ਪਹੁੰਚ – ਕੈਬਨਿਟ ਮੰਤਰੀ ਅਮਨ ਅਰੋੜਾ
ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।ਜਿਸ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੀ ਮੌਜ਼ੂਦ ਸਨ।ਕੈਂਪ ਦੌਰਾਨ ਵੱਡੀ ਗਿਣਤੀ ’ਚ ਇਲਾਕਾ ਨਿਵਾਸੀਆਂ ਨ ੇਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਤੇ ਹੋਰਨਾਂ ਮੁੱਦਿਆਂ ਲਈ ਸੇਵਾਵਾਂ ਹਾਸਲ ਕੀਤੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਾਡੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਗੁਆਂਢੀ ਪਿੰਡ ਸਤੌਜ ਤੋਂ ਉਠ ਕੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦਾ ਨਾਮ ਪੂਰੀ ਦੁਨੀਆਂ ’ਚ ਰੋਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੋਕਾਂ ਦੇ ਪ੍ਰਸ਼ਾਸਨਿਕ ਕੰਮ ਘਰ ਬੈਠਿਆਂ ਹੀ ਕਰਨ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਵਲੋਂ ਪਿੰਡਾਂ-ਮੁਹੱਲਿਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਯੋਗਤਾ ਅਨੁਸਾਰ ਭਲਾਈ ਸਕੀਮਾਂ ਦੇ ਲਾਭ ਪੁੱਜਦੇ ਕਰਨਾ ਉਨ੍ਹਾਂ ਦੀ ਨਿੱਜੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਤੁਹਾਡੇ ਦੁਆਰ ਪਹੁੰਚ ਕੇ ਪੈਨਸ਼ਨਾਂ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਦੇ ਹੋਰ ਮਸਲੇ ਹੱਲ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਵੀ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ।ਉਨ੍ਹਾਂ ਵਿਸ਼ਵਾਸ ਦੁਆਇਆ ਕਿ ਜੇਕਰ ਕਿਸੇ ਵਿਅਕਤੀ ਵਲੋਂ ਨਸ਼ਾ ਤਸਕਰੀ ਸਬੰਧੀ ਕੋਈ ਵੀ ਸੂਚਨਾ ਪੁਲਿਸ ਨਾਲ ਸਾਂਝੀ ਕੀਤੀ ਗਈ ਤਾਂ ਉਸ ਵਿਅਕਤੀ ਦੀ ਪਛਾਣ ਗੁਪਤ ਰੱਖ ਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣੀ ਯਕੀਨੀ ਬਣਾਈ ਜਾਵੇਗੀ।