ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ‘ਚ. ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਤ ਕੀਤਾ ਗਿਆ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ’ਤੇ ਲਿਖਿਆ ਇਕ ਮੈਮੋਰੰਡਮ ਵੀ ਸ੍ਰੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ।ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਪ੍ਰਚਾਰਕ ਸ਼ਾਮਲ ਹੋਏ।ਸ੍ਰੀ ਦਰਬਾਰ ਸਾਹਿਬ ਪਲਾਜ਼ਾ ਤੋਂ ਆਰੰਭ ਹੋਏ ਰੋਸ ਮਾਰਚ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸਤਿਨਾਮ ਵਾਹਿਗੁਰੂ ਜਾਪ ਕਰਦਿਆਂ ਸਥਾਨਕ ਕਚਹਿਰੀ ਚੌਂਕ ਵਿਖੇ ਪੁੱਜ ਕੇ ਸੰਕੇਤਕ ਰੂਪ ਵਿਚ ਧਰਨਾ ਦਿੱਤਾ।ਇਥੋਂ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ, ਜਿਥੇ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੂੰ ਮੈਮੋਰੰਡਮ ਸੌਂਪਿਆ।
ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ’ਤੇ ਭੇਜੇ ਗਏ ਮੈਮੋਰੰਡਮ ਵਿਚ ਬੀਤੇ ਦਿਨਾਂ ਅੰਦਰ ਗ੍ਰਿਫ਼ਤਰ ਕੀਤੇ ਗਏ ਸਾਰੇ ਬੇਕਸੂਰ ਨੌਜੁਆਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜੁਆਨਾਂ ’ਤੇ ਲਗਾਇਆ ਗਿਆ ਐਨਐਸਏ ਹਟਾਉਣ ਦੀ ਮੰਗ ਕੀਤੀ ਗਈ।ਇਸ ਦੇ ਨਾਲ ਹੀ ਮੈਮੋਰੰਡਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਗੈਰ-ਸਿਧਾਂਤਕ ਟਿੱਪਣੀਆਂ ਦੀ ਵੀ ਆਲੋਚਨਾ ਕੀਤੀ ਗਈ ਹੈ।ਪੱਤਰ ’ਚ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਗਈ ਕਿ ਉਹ ਮੌਜੂਦਾ ਹਾਲਾਤਾਂ ’ਤੇ ਗਹਿਰ-ਗੰਭੀਰ ਅਧਿਐਨ ਕਰਨ ਅਤੇ ਪੰਜਾਬ ਦੇ ਸਰੋਕਾਰਾਂ ਵਿਰੁੱਧ ਭੁਗਤਣ ਤੋਂ ਬਚਣ।
ਇਸ ਪੱਤਰ ਰਾਹੀਂ ਯਾਦ ਕਰਵਾਇਆ ਗਿਆ ਕਿ ਪੰਜਾਬ ਨੇ ਹਮੇਸ਼ਾਂ ਹੀ ਭਾਰਤ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਅਤੇ ਹੱਦਾਂ ਸਰਹੱਦਾਂ ਦੀ ਰਾਖੀ ਕਰਨ ਲਈ ਮੋਹਰੀ ਭੂਮਿਕਾ ਨਿਭਾਈ ਹੈ।ਸਿੱਖ ਹਮੇਸ਼ਾਂ ਦੇਸ਼ ਲਈ ਕੁਰਬਾਨੀਆਂ ਦਿੰਦੇ ਰਹੇ ਹਨ ਅਤੇ ਅਜ਼ਾਦੀ ਦੀ ਘੋਲ ਦੌਰਾਨ ਇਹ ਕੁਰਬਾਨੀਆਂ 80 ਫੀਸਦੀ ਤੋਂ ਵੱਧ ਸਨ।ਪਰ ਦੇਸ਼ ਦੀ ਅਜ਼ਾਦੀ ਮਗਰੋਂ ਸਿੱਖਾਂ ਦੇ ਮਸਲਿਆਂ ਪ੍ਰਤੀ ਸਰਕਾਰਾਂ ਨੇ ਹਮੇਸ਼ਾ ਹੀ ਉਦਾਸੀਨਤਾ ਵਾਲੀ ਨੀਤੀ ਅਪਣਾਈ ਰੱਖੀ।
ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਮੌਜੂਦਾ ਹਾਲਾਤਾਂ ਦੀ ਜ਼ੁੰਮੇਵਾਰ ਸਿੱਧੇ ਤੌਰ ’ਤੇ ਪੰਜਾਬ ਤੇ ਕੇਂਦਰ ਸਰਕਾਰ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸਲ ਹਕੀਕਤ ਨੂੰ ਸਮਝਣ ਦੀ ਥਾਂ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਬਾਰੇ ਨੀਵੇਂ ਪੱਧਰ ਦੀਆਂ ਟਿੱਪਣੀਆਂ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸੇ ਨੂੰ ਲੈ ਕੇ ਇਕ ਮੈਮੋਰੰਡਮ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਲਵਿੰਦਰ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਗੁਰਨਾਮ ਸਿੰਘ ਜੱਸਲ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ।