Sunday, December 22, 2024

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਉਥੋਂ ਦੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਮੁੜ ਅਜਿਹਾ ਨਾ ਵਾਪਰਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਪਾਸੋਂ ਹਮਲਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਪਾਸ ਸਖ਼ਤ ਇਤਰਾਜ਼ ਪ੍ਰਗਟ ਕਰਨ ਅਤੇ ਭਵਿੱਖ ਅੰਦਰ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਕਹਿਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …