Friday, July 4, 2025
Breaking News

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਵਲੋਂ ਸੈਂਟਰਲਾਈਜ਼ਡ ਐਡਮਿਸ਼ਨ ਪੋਰਟਲ ਦਾ ਬਾਈਕਾਟ ਜਾਰੀ

ਸਿੱਖਿਆ ਨੂੰ ਦਰਪੇਸ਼ ਮੁੱਦਿਆਂ ’ਤੇ ਅਗਲੇਰੀ ਕਾਰਵਾਈ ਸਬੰਧੀ ਜੇ.ਏ.ਸੀ ਉਲੀਕੇਗੀ ਰਣਨੀਤੀ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨਾਨ-ਗੌਰਮਿੰਟ ਏਡਿਡ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅੱਜ ਗੁਰੂ ਨਾਨਕ ਕਾਲਜ ਸੁਖਚੈਣਾ ਸਾਹਿਬ, ਫਗਵਾੜਾ ਵਿਖੇ ਹੋਈ।ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਸਹਾਇਤਾ ਪ੍ਰਾਪਤ ਕਾਲਜਾਂ ’ਚ ਪੱਖਪਾਤੀ ਢੰਗ ਨਾਲ ਕੇਂਦਰੀਕਿ੍ਰਤ ਆਨਲਾਈਨ ਪੋਰਟਲ ’ਤੇ ਦਾਖਲੇ ਦਾ ਫੈਡਰੇਸ਼ਨ ਨੇ ਬਾਈਕਾਟ ਜਾਰੀ ਰੱਖਣ ਦਾ ਫ਼ੈਸਲਾ ਲਿਆ।
ਫ਼ੈਡਰੇਸ਼ਨ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕਾਲਜਾਂ ’ਚ ਕੇਂਦਰੀਕ੍ਰਿਤ ਆਨਲਾਈਨ ਦਾਖਲੇ ਲਾਗੂ ਨਹੀਂ ਕੀਤੇ ਜਾਣਗੇ।ਇਸ ਦੌਰਾਨ ਫੈਡਰੇਸ਼ਨ ਤੋਂ ਇਲਾਵਾ ਰਾਜ ਦੀਆਂ ਤਿੰਨ ਯੂਨੀਵਰਸਿਟੀਆਂ ਦੇ ਪ੍ਰਿੰਸੀਪਲਾਂ, ਪੰਜਾਬ-ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਅਤੇ ਅਣਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ) ਦਾ ਵਿਸਥਾਰ ਕਰਕੇ 21 ਮੈਂਬਰੀ ਪੈਨਲ ਦਾ ਗਠਨ ਕੀਤਾ ਜੋ ਕਿ ਪੰਜਾਬ ’ਚ ਉਚ ਸਿੱਖਿਆ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ’ਤੇ ਸੰਘਰਸ਼ ਕਰਨ ਲਈ ਅਗਲੀ ਕਾਰਵਾਈ ਨੂੰ ਅੰਤਿਮ ਰੂਪ ਦੇਣ ਲਈ ਜਲਦੀ ਹੀ ਮੀਟਿੰਗ ਕਰੇਗਾ।
ਛੀਨਾ ਨੇ ਕਿਹਾ ਕਿ ਅਗਲੇਰੀ ਰਣਨੀਤੀ ਉਲੀਕਣ ਲਈ ਚੰਡੀਗੜ੍ਹ ਵਿਖੇ ਜਲਦ ਹੀ ਮੀਟਿੰਗ ਕੀਤੀ ਜਾਵੇਗੀ। ਕਿਉਂਕਿ ਸੂਬਾ ਸਰਕਾਰ ਉਚ ਸਿੱਖਿਆ ਸੰਸਥਾਵਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰੀਕ੍ਰਿਤ ਦਾਖਲਾ ਪੋਰਟਲ ਕਾਲਜਾਂ ਦੇ ਹਿੱਤਾਂ ਲਈ ਨੁਕਸਾਨਦੇਹ ਹੈ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਹਿੱਤ ’ਚ ਹੈ।ਉਨ੍ਹਾਂ ਕਿਹਾ ਕਿ ਕਾਲਜ ਪਹਿਲਾਂ ਹੀ ਆਪਣੇ ਤੌਰ ’ਤੇ ਆਨਲਾਈਨ ਦਾਖ਼ਲੇ ਕਰਵਾ ਰਹੇ ਹਨ ਅਤੇ ਸੂਬਾ ਸਰਕਾਰ ਨੂੰ ਉਨ੍ਹਾਂ ਨੂੰ ਕੇਂਦਰੀਕ੍ਰਿਤ ਦਾਖ਼ਲਿਆਂ ਲਈ ਮਜ਼ਬੂਰ ਨਹੀਂ ਕਰਨਾ ਚਾਹੀਦਾ, ਕਿਉਂਕਿ ਸੂਬਾ ਸਰਕਾਰ ਦਾ ਇਹ ਫ਼ੈਸਲਾ ਪੱਖਪਾਤੀ ਅਤੇ ਖ਼ਾਮੀਆਂ ਨਾਲ ਭਰਪੂਰ ਹੈ।
ਇਸ ਮੌਕੇ ਜਨਰਲ ਸਕੱਤਰ ਐਸ.ਐਮ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਕੋਈ ਵੀ ਕਾਲਜ ‘ਪੱਖਪਾਤੀ’ ਸੈਂਟਰਲਾਈਜ਼ਡ ਐਡਮਿਸ਼ਨ ਪੋਰਟਲ ’ਚ ਹਿੱਸਾ ਨਹੀਂ ਲਵੇਗਾ ਜੋ ਕਿ ਸਰਕਾਰ ਦੁਆਰਾ ਮਨਮਾਨੇ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਪੋਰਟਲ ਦੀ ਕਿਸੇ ਵੀ ਕਾਲਜ ਵਲੋਂ ਕੋਈ ਮੰਗ ਨਹੀਂ ਕੀਤੀ ਗਈ ਹੈ ਅਤੇ ਸਰਕਾਰ ਕਾਲਜਾਂ ਦੀਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖੇ ਬਿਨਾਂ ਇਸ ਨੂੰ ਮਨਮਾਨੇ ਢੰਗ ਨਾਲ ਲਾਗੂ ਕਰਨ ਲਈ ਬਜ਼ਿਦ ਹੈ।58 ਸਾਲ ਦੀ ਉਮਰ ਪਾਰ ਕਰ ਚੁੱਕੇ ਅਧਿਆਪਕਾਂ ਸਬੰਧੀ ਗਰਾਂਟ ਨਾ ਮਿਲਣ, ਗਰਾਂਟ ਇਨ ਏਡ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਉਚੇਰੀ ਸਿੱਖਿਆ ਸਬੰਧੀ ਰਾਜ ਸਰਕਾਰ ਕੋਲ ਪੈਂਡਿੰਗ ਪਏ ਹੋਰ ਅਹਿਮ ਮਾਮਲਿਆਂ ਬਾਰੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਕਾਰਜਕਾਰਨੀ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਨੂੰ ਪੰਜਾਬੀ ਯੂਨੀਵਰਸਿਟੀ ਦੇ ਕੈਂਪਸ ’ਚ ਇੰਟਰਵਿਊ ਲੈਣ ਦੀ ਬਜ਼ਾਏ ਸਬੰਧਿਤ ਕਾਲਜਾਂ ’ਚ ਇੰਟਰਵਿਊ ਲੈਣ ਲਈ ਪੱਤਰ ਲਿਖਣ ਦਾ ਵੀ ਫ਼ੈਸਲਾ ਲਿਆ ਗਿਆ।
ਇਸ ਮੌਕੇ ਫੈਡਰੇਸ਼ਨ ਦੇ ਮੀਤ ਪ੍ਰਧਾਨ ਰਮੇਸ਼ ਕੁਮਾਰ ਕੌੜਾ, ਸਕੱਤਰ ਅਗਨੀਸ਼ ਢਿੱਲੋਂ, ਜੁਆਇੰਟ ਸਕੱਤਰ ਵਿੱਤ ਰਾਕੇਸ਼ ਧੀਰ, ਸਲਾਹਕਾਰ ਰਵਿੰਦਰ ਜੋਸ਼ੀ, ਡਾ. ਤੇਜਿੰਦਰ ਕੌਰ ਧਾਲੀਵਾਲ, ਡਾ. ਗੁਰਦੇਵ ਸਿੰਘ, ਡਾ. ਮਹਿਲ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …