
ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੇ ਅਸਥਾਨ ਤੇ ਸ਼ਹੀਦ ਬਾਬਾ ਗੁਰਬਖ਼ਸ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੀ ਸ਼ਹੀਦੀ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣੂੰ ਕਰਵਾਉਂਦਿਆਂ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਸ਼ਹੀਦ ਕੌਮ ਦਾ ਵਡਮੁੱਲਾ ਸਰਮਾਇਆ ਹੁੰਦੇ ਹਨ ਜਿਹੜੀ ਕੌਮ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀ ਹੈ ਉਹ ਦੁਨੀਆਂ ਦੇ ਨਕਸ਼ੇ ਤੋਂ ਸਦਾ ਲਈ ਮਿਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਗੁਰਬਖ਼ਸ ਸਿੰਘ ਐਸੇ ਮਹਾਂਰਥੀ ਸਨ ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉੱਪਰ ਹਮਲਾ ਕਰਨ ਵਾਲੀ ਅਹਿਮਦ ਸ਼ਾਹ ਅਬਦਾਲੀ ਦੀ 30 ਹਜ਼ਾਰ ਫੌਜ ਦਾ ਆਪਣੇ ਤੀਹ ਸਿੰਘਾਂ ਸਮੇਤ ਡਟ ਕੇ ਮੁਕਾਬਲਾ ਕੀਤਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸ਼ਹਾਦਤ ਪ੍ਰਾਪਤ ਕੀਤੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਕੱਤਰ ਸਿੰਘ, ਸ. ਭੁਪਿੰਦਰ ਸਿੰਘ ਤੇ ਸ. ਹਰਮਿੰਦਰ ਸਿੰਘ ਮੂਧਲ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ ਸ਼੍ਰੋਮਣੀ ਕਮੇਟੀ, ਸ. ਜਤਿੰਦਰ ਸਿੰਘ ਤੇ ਸ. ਸੁਖਰਾਜ ਸਿੰਘ ਐਡੀਸ਼ਨਲ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਲਖਬੀਰ ਸਿੰਘ ਤੇ ਸ. ਹਰਪ੍ਰੀਤ ਸਿੰਘ ਮੀਤ ਮੈਨੇਜਰ, ਸ. ਰਣਧੀਰ ਸਿੰਘ ਇੰਚਾਰਜ ਅਖੰਡਪਾਠੀਆਂ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਤੋਂ ਇਲਾਵਾ ਸਿੱਖ ਸੰਗਤਾਂ ਮੌਜੂਦ ਸਨ।
Punjab Post Daily Online Newspaper & Print Media