ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ
ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ।ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਜਿਥੇ ਅੱਜ 8 ਨੌਜੁਆਨਾਂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ, ਉਥੇ ਹੀ ਜੇਲ੍ਹ ਪ੍ਰਸ਼ਾਸਨ ਪਾਸੋਂ ਇਨ੍ਹਾਂ ਦੇ ਕੇਸਾਂ ਸਬੰਧੀ ਜ਼ਰੂਰੀ ਦਸਤਾਵੇਜ਼ ਵੀ ਪ੍ਰਾਪਤ ਕੀਤੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿਚ ਅਸਾਮ ਗਏ ਵਫ਼ਦ ’ਚ ਐਡਵੋਕੇਟ ਮਨਦੀਪ ਸਿੰਘ ਸਿੱਧੂ ਅਤੇ ਐਡਵੋਕੇਟ ਰੋਹਿਤ ਸ਼ਰਮਾ ਸ਼ਾਮਲ ਹਨ।ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਡਿਬਰੂਗੜ੍ਹ ਵਿਖੇ ਕੌਮੀ ਸੁਰੱਖਿਆ ਕਾਨੂੰਨ ਤਹਿਤ ਕੈਦ ਕੀਤੇ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰ ਸਥਾਨਕ ਪੱਧਰ ’ਤੇ ਜਾ ਕੇ ਆਪਣਾ ਕੰਮ ਸ਼ੁਰੂ ਕਰ ਚੁੱਕੇ ਹਨ।ਡਿਬਰੂਗੜ੍ਹ ਵਿਖੇ ਨਜ਼ਰਬੰਦ 8 ਨੌਜੁਆਨਾਂ ਨੂੰ ਕਾਨੂੰਨੀ ਮਦਦ ਦਿੱਤੀ ਜਾ ਰਹੀ ਹੈ।ਸ਼੍ਰੋਮਣੀ ਕਮੇਟੀ ਦੀ ਲੀਗਲ ਟੀਮ ਨੇ ਬੰਦੀ ਨੌਜੁਆਨਾਂ ਅਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨਾਲ ਮੁਲਾਕਾਤ ਕਰਕੇ ਅਗਲੀ ਕਾਰਵਾਈ ਦੀ ਤਿਆਰੀ ਕਰ ਲਈ ਹੈ।
ਧਾਮੀ ਨੇ ਕਿਹਾ ਕਿ ਅਸਾਮ ਤੋਂ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਹੈ ਕਿ ਡਿਬਰੂਗੜ੍ਹ ਜੇਲ੍ਹ ’ਚ ਬੰਦ 8 ਨੌਜੁਆਨ ਚੜ੍ਹਦੀ ਕਲ੍ਹਾ ਵਿੱਚ ਹਨ।ਨਜ਼ਰਬੰਦ ਕੀਤੇ ਇਹਨਾਂ ਨੌਜੁਆਨਾਂ ਨਾਲ ਮੁਲਾਕਾਤ ਕਰਨ ਲਈ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਦਰਜ਼ ਕਰਨ ਵਿੱਚ ਸਥਾਨਕ ਵਕੀਲਾਂ ਸਮੇਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਡਿਬਰੂਗੜ੍ਹ ਬਾਰ ਐਸੋਸੀਏਸ਼ਨ ਨੇ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਦਾ ਸਹਿਯੋਗ ਕੀਤਾ ਹੈ।ਐਡਵੋਕੇਟ ਮਨਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਨਜ਼ਰਬੰਦ ਕੀਤੇ ਗਏ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਆਰਡਰ ਅਤੇ ਹੋਰ ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਨੂੰ ਮੁਹੱਈਆ ਕਰਵਾ ਦਿੱਤੇ ਗਏ ਹਨ, ਜਿਸ ਤਹਿਤ ਅਗਲੀ ਕਾਨੂੰਨੀ ਪੈਰਵਾਈ ਜਾਰੀ ਰੱਖੀ ਜਾਵੇਗੀ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media