ਐਡਵੋਕੇਟ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ
ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸ਼ਰਧਾਲੂ ਭਾਈ ਨਗਾਹੀਆ ਸਿੰਘ ਜੀ, ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ 1964, ਮੋਰਚਾ ਗੰਗਸਰ ਜੈਤੋ ਦੇ ਸ਼ਹੀਦ ਭਾਈ ਦਇਆ ਸਿੰਘ, ਗਦਰੀ ਬਾਬਾ ਸ਼ਹੀਦ ਭਾਈ ਬੰਤਾ ਸਿੰਘ ਸੰਘਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਨੇ ਨਿਭਾਈ।
ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਹਿਮ ਸੋਮਾ ਹੈ ਅਤੇ ਇਥੇ ਕੌਮ ਲਈ ਘਾਲਣਾ ਘਾਲਣ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕਰਕੇ ਕੌਮੀ ਸਨਮਾਨ ਦਿੱਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਭਾਈ ਨਗਾਹੀਆ ਸਿੰਘ ਜੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮਾਛੀਵਾੜੇ ਤੋਂ ਪਿੰਡ ਆਲਮਗੀਰ ਪਹੁੰਚਣ ’ਤੇ ਘੋੜਾ ਭੇਟ ਕੀਤਾ ਸੀ।ਜਿਸ ਨੂੰ ਵੇਖਦਿਆਂ ਉਨ੍ਹਾਂ ਦੀ ਤਸਵੀਰ ਇਥੇ ਲਗਾਈ ਗਈ ਹੈ।ਉਨ੍ਹਾਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਗੱਲ ਕਰਦਿਆਂ ਕਿਹਾ ਕਿ 22 ਮਈ 1964 ਨੂੰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ 11 ਸਿੰਘਾਂ ਨੇ ਬਾਬਾ ਹਰਭਜਨ ਸਿੰਘ ਦੀ ਅਗਵਾਈ ਵਿਚ ਮਹੰਤਾਂ ਪਾਸੋਂ ਗੁਰੂ ਘਰ ਅਜ਼ਾਦ ਕਰਵਾਉਣ ਲਈ ਸ਼ਹਾਦਤਾਂ ਦਿੱਤੀਆਂ।ਇਸ ਸਾਕੇ ਦੇ ਗਵਾਹ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਅੱਜ ਵੀ ਪੰਥਕ ਸੇਵਾਵਾਂ ਨਿਭਾਅ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਸ਼ਹੀਦ ਭਾਈ ਦਇਆ ਸਿੰਘ, ਗਦਰੀ ਯੋਧੇ ਭਾਈ ਬੰਤਾ ਸਿੰਘ ਸੰਘਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਲੰਮਾਂ ਸਮਾਂ ਮੈਂਬਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀਆਂ ਪੰਥ ਲਈ ਸੇਵਾਵਾਂ ਅਤੇ ਘਾਲਣਾ ਵੀ ਮਿਸਾਲੀ ਹੈ।
ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।ਪੁੱਜੀਆਂ ਸ਼ਖ਼ਸੀਅਤਾਂ ਨੂੰ ਐਡਵੋਕੇਟ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਗਿਆਨੀ ਸੁਲਤਾਨ ਸਿੰਘ, ਅਕਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਰਣਜੀਤ ਸਿੰਘ ਕਾਹਲੋਂ, ਚਰਨ ਸਿੰਘ ਆਲਮਗੀਰ, ਜਥੇਦਾਰ ਤੋਤਾ ਸਿੰਘ ਦੀ ਪਤਨੀ ਬੀਬੀ ਮੁਖਤਿਆਰ ਕੌਰ, ਸਪੁੱਤਰ ਬਰਜਿੰਦਰ ਸਿੰਘ ਬਰਾੜ, ਬਲਵਿੰਦਰ ਸਿੰਘ, ਡਾ. ਜਸਵਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਜਸਬੀਰ ਸਿੰਘ ਘੁੰਮਣ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਇਕਬਾਲ ਸਿੰਘ ਮੁਖੀ, ਬੀਬੀ ਜਸਬੀਰ ਕੌਰ, ਦਿਲਬਾਗ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਪੋਤਰਾ ਸ਼ਹੀਦ ਭਾਈ ਦਇਆ ਸਿੰਘ ਆਦਿ ਹਾਜ਼ਰ ਸਨ।