Thursday, August 7, 2025
Breaking News

ਦਿੱਲੀ ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਸਭਾ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) – ਮੇਲਿਆਂ ਤੇ ਤਿਉਹਾਰਾਂ ਦੀ ਧਰਤੀ ਪੰਜਾਬ ਨੂੰ ਇਹ ਫ਼ਖ਼ਰ ਹਾਸਲ ਹੈ ਕਿ ਇਥੇ ਹਰ ਦਿਨ ਕਿਸੇ ਨਾ ਕਿਸੇ ਕੋਨੇ ਵਿੱਚ ਕੋਈ ਮੇਲਾ ਤੇ ਤਿਉਹਾਰ ਜਰੂਰ ਮਨਾਇਆ ਜਾਂਦਾ ਹੈ।ਵਿਸਾਖੀ ਪੰਜਾਬੀਆਂ ਦਾ ਇਤਿਹਾਸਕ, ਸੱਭਿਆਚਾਰਕ ਤੇ ਸਮਾਜਿਕ ਮਹੱਤਵ ਵਾਲਾ ਮੇਲਾ ਹੈ।ਭਾਵੇਂ ਅਜੋਕੇ ਸਮੇਂ ਵਿੱਚ ਇਸ ਮੇਲੇ ਦਾ ਸਰੂਪ ਬਦਲ ਰਿਹਾ ਹੈ, ਪਰ ਫਿਰ ਵੀ ਨਵੀਂ ਪੀੜ੍ਹੀ ਨੂੰ ਵਿਰਾਸਤੀ ਰੰਗਾਂ ਦੀ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੁੰਦੀ ਹੈ।ਇਸ ਮਕਸਦ ਲਈ ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਵਲੋਂ ਵਿਸਾਖੀ ਨੂੰ ਸਮਰਪਿਤ ਇਕ ਵਿਸ਼ੇਸ਼ ਸਭਾ ਕਰਵਾਈ ਗਈ।
ਵਿਭਾਗ ਮੁਖੀ ਸਤਿੰਦਰ ਸਿੰਘ ਓਠੀ ਨੇ ਦੱਸਿਆ ਕਿ ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਕਰਕੇ ਕੀਤੀ ਗਈ।ਉਪਰੰਤ ਗੁਰਬਾਣੀ ਵਿਚੋਂ ਸਲੋਕ ਤੇ ਵਿਆਖਿਆ ਪੇਸ਼ ਕੀਤੀ ਗਈ।ਵਿਦਿਆਰਥੀਆਂ ਨੇ ਵਿਸਾਖੀ ਦੇ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਤੇ ਸਮਾਜਿਕ ਮਹੱਤਵ ਬਾਰੇ ਭਾਸ਼ਣਾ ਦੁਆਰਾ ਜਾਣਕਾਰੀ ਦਿੱਤੀ।ਗੀਤ ਅਤੇ ਕਵੀਸ਼ਰੀ ਗਾ ਕੇ ਵੀ ਵਿਦਿਆਰਥੀਆਂ ਨੇ ਖੂਬ ਰੰਗ ਬੰਨ੍ਹਿਆ।ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਨਾਲ ਵਿਦਿਆਰਥੀਆਂ ਨੇ ਆਪਣੀ ਦਿਲੀ ਖ਼ੁਸ਼ੀ ਸਾਂਝੀ ਕੀਤੀ।
ਮੁੱਖ ਮਹਿਮਾਨ ਨਰੇਸ਼ ਕੁਮਾਰ ਮੋਦਗਿੱਲ ਚੇਅਰਮੈਨ ਤੇ ਜੱਜ ਲੋਕ ਅਦਾਲਤ ਅੰਮ੍ਰਿਤਸਰ ਅਤੇ ਵਿਸ਼ੇਸ਼ ਮਹਿਮਾਨ ਕੁਲਬੀਰ ਸਿੰਘ ਢਿੱਲੋਂ, ਪ੍ਰਧਾਨ ਸਰਹੱਦੀ ਪ੍ਰੈਸ ਕਲੱਬ ਅੰਮ੍ਰਿਤਸਰ ਨੇ ਸਭ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਆਪਣੀ ਵਿਰਾਸਤ ਨਾਲ ਜੁੜ ਕੇ ਮੇਲਿਆਂ ਤੇ ਤਿਉਹਾਰਾਂ ਦੀ ਖੁਸ਼ੀ ਸਾਂਝੀ ਕਰਦੇ ਹਨ। ਪ੍ਰਿੰਸੀਪਲ ਕਮਲ ਚੰਦ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਭਵਿੱਖ ਵਿਚ ਵੀ ਸਾਰੇ ਸਾਲ ਲਈ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਉਣ ਦੀ ਗੱਲ ਕੀਤੀ।ਮਹਿਮਾਨਾਂ ਵਲੋਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਾਰਿਕਾ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ।ਖਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਦਸਤਾਰ ਬੰਦੀ ਮੁਕਾਬਲਾ ਵੀ ਕਰਵਾਇਆ ਗਿਆ।ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ `ਤੇ ਮੁੱਖ ਅਧਿਆਪਕਾ ਸ੍ਰੀਮਤੀ ਰਾਖੀ ਪੁਰੀ, ਰਾਜਿੰਦਰ ਸਿੰਘ ਸੱਗੂ, ਅਮਨਪ੍ਰੀਤ ਸਿੰਘ, ਮਮਤਾ ਸ਼ਰਮਾ ਅਤੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …