ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ।ਸਿੱਖ ਇਤਿਹਾਸ ਦਾ ਇਹ ਪੰਨਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡੀ ਅਹਿਮੀਅਤ ਰੱਖਦਾ ਹੈ।ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਪਵਿੱਤਰ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ ਸੁਨਹਿਰੀ ਪੰਨੇ ਤੋਂ ਜ਼ਰੂਰ ਜਾਣੂ ਕਰਵਾਏ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦ੍ਰਿੜ੍ਹ ਹੋ ਸਕਣ।ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …