Sunday, December 22, 2024

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਮਾਗਮ ਖ਼ਾਲਸਾ ਫ਼ਤਿਹ ਮਾਰਚ ਨਾਲ ਆਰੰਭ

ਗੁ. ਸ੍ਰੀ ਰਕਾਬਗੰਜ਼ ਸਾਹਿਬ ਤੋਂ ਸ਼ੁਰੂ ਹੋਏ ਫ਼ਤਿਹ ਮਾਰਚ ‘ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਦਿੱਲੀ, 16 ਅਪ੍ਰੈਲ (ਜਗਦੀਪ ਸਿੰਘ ਸੱਗੂ) – 16 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਖ਼ਾਲਸਾ ਫ਼ਤਿਹ ਮਾਰਚ ਨਾਲ ਆਰੰਭ ਹੋਏ।ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਆਪਣੇ ਸਾਥੀ ਜਰਨੈਲਾਂ ਨਾਲ ਦਿੱਲੀ ਫ਼ਤਿਹ ਕਰਕੇ ਲਾਲ ਕਿਲ੍ਹੇ ’ਤੇ ਕੇਸਰੀ ਨਿਸ਼ਾਨ ਝੁਲਾਇਆ ਸੀ ਅਤੇ ਮੁਗਲ ਸਾਮਰਾਜ ਦਾ ਤਖ਼ਤ-ਏ-ਤਾਊਸ ਹਾਥੀਆਂ ਮਗਰ ਬੰਨ੍ਹ ਕੇ ਗੁਰੂ ਚਰਨਾਂ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਸਥਾਪਤ ਕੀਤਾ ਸੀ।ਇਤਿਹਾਸ ਦੇ ਇਸ ਵਾਕਿਆਤ ਕਰਕੇ ਹੀ ਸ੍ਰੀ ਅੰਮ੍ਰਿਤਸਰ ਲਈ ਦਿੱਲੀ ਤੋਂ ਪੰਥਕ ਜਾਹੋ ਜਲਾਲ ਨਾਲ ਖਾਲਸਾ ਫ਼ਤਿਹ ਮਾਰਚ ਸ਼ੁਰੂ ਕੀਤਾ ਗਿਆ ਹੈ।ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਖ਼ਾਲਸਾ ਫ਼ਤਿਹ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਗੁਰਬਾਣੀ ਕੀਰਤਨ ਹੋਇਆ ਅਤੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤਾ। ਆਰੰਭਤਾ ਸਮੇਂ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਫ਼ਤਹ ਮਾਰਚ ਦਿੱਲੀ ਦੇ ਸ਼ੰਕਰ ਰੋਡ, ਪਟੇਲ ਨਗਰ, ਸ਼ਾਦੀਪੁਰ, ਮੋਤੀ ਨਗਰ, ਰਾਮੇਸ਼ ਨਗਰ, ਰਾਜਾ ਗਾਰਡਨ, ਰਜੌਰੀ ਗਾਰਡਨ, ਟੈਗੋਰ ਗਾਰਡਨ, ਸੁਭਾਸ਼ ਨਗਰ, ਤਿਲਕ ਨਗਰ, ਜੇਲ੍ਹ ਰੋਡ, ਹਰੀ ਨਗਰ ਤੋਂ ਹੁੰਦਾ ਹੋਇਆ ਗੁਰਦੁਆਰਾ ਛੋਟੇ ਸਾਹਿਬਜ਼ਾਦੇ, ਫ਼ਤਹਿ ਨਗਰ ਪੁੱਜਾ।ਰਸਤੇ ਵਿਚ ਸੰਗਤਾਂ ਨੇ ਉਤਸ਼ਾਹ ਨਾਲ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਅਤੇ ਕਈ ਥਾਵਾਂ ’ਤੇ ਲੰਗਰ ਆਦਿ ਦੇ ਪ੍ਰਬੰਧ ਵੀ ਕੀਤੇ।ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦਿੱਤੇ ਗਏ।ਖ਼ਾਲਸਾ ਫ਼ਤਿਹ ਮਾਰਚ ਦੌਰਾਨ ਸਿੱਖ ਜਰਨੈਲਾਂ ਦੇ ਇਤਿਹਾਸਕ ਸ਼ਸ਼ਤਰਾਂ ਵਾਲੀ ਬੱਸ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ।
ਖ਼ਾਲਸਾ ਫ਼ਤਿਹ ਮਾਰਚ ਦੀ ਆਰੰਭਤਾ ਸਮੇਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਨ ਸਿੱਖ ਜਨਰੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਯਾਦ ਕਰਦਿਆਂ ਉਨ੍ਹਾਂ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਦਿੱਲੀ ਤੋਂ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਵੱਲੋਂ ਦਿੱਲੀ ਫਤਿਹ ਸਮੇਂ ਸਰਦਾਰ ਜੱਸਾ ਸਿੰਘ ਦੀ ਭੂਮਿਕਾ ਸਿੱਖ ਇਤਿਹਾਸ ਦਾ ਹਾਸਲ ਹੈ, ਇਸੇ ਲਈ ਦਿੱਲੀ ਨੂੰ ਵਿਸ਼ੇਸ਼ ਸਮਾਗਮਾਂ ਲਈ ਚੁਣਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਤਿੰਨ ਦਿਨਾਂ ਸਮਾਗਮ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨੌਜੁਆਨਾਂ ਨੂੰ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਿਆ ਜਾਵੇ, ਜਿਸ ਲਈ ਸ਼ਤਾਬਦੀ ਸਮਾਗਮ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਆਰੰਭ ਹੋਏ ਖ਼ਾਲਸਾ ਫ਼ਤਹ ਮਾਰਚ ਵਿਚ ਦਿੱਲੀ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਭਰਵਾਂ ਸਹਿਯੋਗ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ਤਹ ਮਾਰਚ 4 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ।
ਫ਼ਤਹ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆ, ਸ਼੍ਰੋਮਣੀ ਅਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਦਿੱਲੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ, ਸੁਖਵਿੰਦਰ ਸਿੰਘ ਬੱਬਰ, ਕੁਲਦੀਪ ਸਿੰਘ ਭੋਗਲ, ਸੁਖਦੇਵ ਸਿੰਘ ਰਿਆਤ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਸਿਮਰਜੀਤ ਸਿੰਘ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਕੁਲਦੀਪ ਸਿੰਘ ਰੋਡੇ, ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸੁਮਾਨਾ, ਜਸਵੀਰ ਸਿੰਘ ਜੱਸੀ, ਮੈਨੇਜਰ ਸੁਖਰਾਜ ਸਿੰਘ, ਇੰਚਾਰਜ ਮੇਜਰ ਸਿੰਘ, ਮਨਜੀਤ ਸਿੰਘ, ਕਰਤਾਰ ਸਿੰਘ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਆਦਿ ਮੌਜ਼ੂਦ ਸਨ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …