ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਉਪ ਮੰਡਲ ਮੈਜਿਸਟਰੇਟ ਨਵਰੀਤ ਕੌਰ ਸੇਖੋਂ
ਵਲੋਂ ਸੰਗਰੂਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸ਼ੋਰ ਪ੍ਰਦੂਸ਼ਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਬਾਰੇ ਮੁੜ ਜਾਣੂ ਕਰਵਾਇਆ ਗਿਆ।ਐਸ.ਡੀ.ਐਮ ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਮਾਣਯੋਗ ਅਦਾਲਤਾਂ ਵੱਲੋਂ ਵੀ ਸਮੇਂ ਸਮੇਂ ’ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ।
ਉਪ ਮੰਡਲ ਮੈਜਿਸਟਰੇਟ ਨੇ ਲੋਕ ਹਿੱਤ ਵਿੱਚ ਕਿਹਾ ਕਿ ਲਾਊਡਸਪੀਕਰਾਂ ਦੀ ਉੱਚੀ ਆਵਾਜ਼ ਕਰਕੇ ਬਿਮਾਰੀ ਵਿਅਕਤੀਆਂ, ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਅਤੇ ਛੋਟੇ ਬੱਚਿਆਂ ਦੀ ਸਿਹਤ ’ਤੇ ਬੇਹੱਦ ਮਾੜਾ ਪ੍ਰਭਾਵ ਪੈਂਦਾ ਹੈ ਜਿਸ ਨੂੰ ਧਿਆਨ ਵਿੱਚ ਰੱਖ ਕੇ ਧਾਰਮਿਕ ਸੰਸਥਾਵਾਂ ਤੇ ਮੈਰਿਜ ਪੈਲੇਸਾਂ ਨੂੰ ਲਾਊਡਸਪੀਕਰਾਂ ਦੀ ਆਵਾਜ਼ ਆਪਣੀ ਸੰਸਥਾ ਦੇ ਅੰਦਰ ਤੱਕ ਹੀ ਸੀਮਤ ਰੱਖਣੀ ਚਾਹੀਦੀ ਹੈ।ਐਸ.ਡੀ.ਐਮ ਨੇ ਕਿਹਾ ਕਿ ਹਾਲਾਂਕਿ ਕਈ ਵਾਰ ਲਾਊਡਸਪੀਕਰ ਜਾਂ ਡੀ.ਜੇ ਆਦਿ ਲਗਾਉਣ ਲਈ ਪ੍ਰਬੰਧਕਾਂ ਵੱਲੋਂ ਪ੍ਰਸ਼ਾਸਨਿਕ ਪ੍ਰਵਾਨਗੀ ਲੈ ਲਈ ਜਾਂਦੀ ਹੈ, ਪਰ ਪ੍ਰਵਾਨਗੀ ਵਿੱਚ ਦਰਜ਼ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ।
ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸ.ਡੀ.ਓ ਮੋਹਿਤ ਸਿੰਗਲਾ ਨੇ ਕਿਹਾ ਕਿ ਆਵਾਜ਼ ਪ੍ਰਦੂਸ਼ਣ ਨੂੰ ਨਿਯੰਤ੍ਰਿਤ ਕਰਨ ਲਈ ਬਣਾਏ ਗਏ ਨਿਯਮਾਂ ਤਹਿਤ ਇਹ ਯੰਤਰ ਚਲਾਉਣ ਲਈ ਆਵਾਜ਼ ਦੀ ਹੱਦ ਵੀ ਮਿਥੀ ਗਈ ਹੈ।
ਇਸ ਮੌਕੇ ਡੀ.ਐਸ.ਪੀ ਅਜੇਪਾਲ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦੀ ਸੂਰਤ ਵਿੱਚ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media