Monday, October 5, 2026

ਸ. ਪ੍ਰਕਾਸ਼ ਸਿੰਘ ਬਾਦਲ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਦੌਰਾਨ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਕਰ ਦਿੱਤੇ ਗਏ, ਜੋ ਭਲਕੇ 27 ਅਪ੍ਰੈਲ ਨੂੰ ਵੀ ਬੰਦ ਰਹਿਣਗੇ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਮੂਹ ਮੁਲਾਜ਼ਮਾਂ ਵੱਲੋਂ ਕੀਤੀ ਸ਼ੋਕ ਸਭਾ ਦੌਰਾਨ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਮਗਰੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਸਿੱਖ ਸਿਆਸਤ ਦੇ ਉੱਘੇ ਆਗੂ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਲਈ ਕਾਰਜ ਕੀਤੇ।
ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੋਂ ਇਲਾਵਾ ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਸਿਮਰਜੀਤ ਸਿੰਘ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਪਰਮਜੀਤ ਸਿੰਘ, ਮੈਨੇਜਰ ਸੁਖਰਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਸਮੇਤ ਸਮੂਹ ਮੁਲਾਜ਼ਮ ਹਾਜ਼ਰ ਸਨ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨੂੰ ਪੰਥਕ ਸਿਆਸਤ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਭਾਈਚਾਰਕ ਸਾਂਝ ਲਈ ਵੱਡਾ ਯੋਗਦਾਨ ਪਾਇਆ।ਉਨ੍ਹਾਂ ਵੱਲੋਂ ਪੰਜਾਬ ਦੇ ਵਿਕਾਸ ਦੇ ਨਾਲ-ਨਾਲ ਸਿੱਖ ਧਰਮ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਕਾਇਮ ਕਰਕੇ ਲੋਕਾਂ ਅਤੇ ਖਾਸਕਰ ਨਵੀਂ ਪੀੜ੍ਹੀ ਨੂੰ ਵਿਰਾਸਤ ਨਾਲ ਜੋੜਨ ਲਈ ਕੀਤੇ ਨਿੱਗਰ ਉਪਰਾਲੇ ਵੱਡੇ ਮਹੱਤਵ ਵਾਲੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …