ਦਿੱਲੀ ਤੋਂ ਸ਼ੁਰੂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਹੋਇਆ ਸੰਪਨ
ਅੰਮ੍ਰਿਤਸਰ, 4 ਮਈ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਇਆ ਖਾਲਸਾ ਫਤਹ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜੈਕਾਰਿਆਂ ਦੀ ਗੂੰਜ ’ਚ ਸੰਪੰਨ ਹੋਇਆ।ਖਾਲਸਾ ਫਤਹ ਮਾਰਚ ਦਾ ਸ੍ਰੀ ਅੰਮ੍ਰਿਤਸਰ ਪਹੁੰਚਣ ’ਤੇ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਨੇੜੇ ਸਵਾਗਤ ਦਾ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਨਗਰ ਕੀਰਤਨ ਦੇ ਇਥੇ ਪੁੱਜਣ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦਿੱਤੇ।ਸੰਗਤਾਂ ਵੱਲੋਂ ਰਸਤੇ ਵਿਚ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਸਨ। ਖਾਲਸਾ ਫਤਹ ਮਾਰਚ ਲੰਘੀ 16 ਅਪ੍ਰੈਲ ਨੂੰ ਦਿੱਲੀ ਤੋਂ ਸ਼ੁਰੂ ਹੋਇਆ ਸੀ, ਜੋ ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਅੱਜ ਇਥੇ ਪੁੱਜਾ ਹੈ।
ਖ਼ਾਲਸਾ ਫਤਹ ਮਾਰਚ ਦੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਮੌਕੇ ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਜਸਵਿੰਦਰ ਸਿੰਘ ਜੱਸੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਰਾਜਿੰਦਰ ਸਿੰਘ ਰੂਬੀ ਅਟਾਰੀ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਇੰਚਾਰਜ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮੇਜਰ ਸਿੰਘ, ਗੁਲਜ਼ਾਰ ਸਿੰਘ, ਕਰਤਾਰ ਸਿੰਘ, ਸਾਬਕਾ ਮੈਨੇਜਰ ਜਤਿੰਦਰ ਸਿੰਘ, ਸੁਰਿੰਦਰਪਾਲ ਸਿੰਘ ਸਮਾਣਾ ਅਤੇ ਹੋਰ ਹਾਜ਼ਰ ਸਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਦਾ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ।ਇਸ ਵਿਚ ਪੰਥ ਦੇ ਪ੍ਰਸਿੱਧ ਕਵੀਆਂ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜੀਆ ਦੇ ਜੀਵਨ ਇਤਿਹਾਸ ਬਾਰੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਢਾਡੀ ਕਵੀਸ਼ਰ ਜਥਿਆਂ ਵੱਲੋਂ ਵੀ ਹਾਜ਼ਰੀ ਭਰੀ ਗਈ।